ਮਾਨਸਾ, 15 ਅਗਸਤ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇਸ਼ ਦੇ ਮਹਾਨ ਯੋਧਿਆਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਅੱਗੇ ਨਤਮਸਤਕ ਹੁੰਦਿਆਂ ਕਿਹਾ ਕਿ ਅੱਜ ਅਸੀਂ ਦੇਸ਼ ਭਗਤਾਂ ਅਤੇ ਸੂਰਬੀਰਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਸਦਕਾ ਆਜ਼ਾਦ ਫਿਜ਼ਾ ਵਿੱਚ 75ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ। ਕੈਬਨਿਟ ਮੰਤਰੀ ਸ੍ਰੀ ਕਾਂਗੜ ਨੇ ਕਿਹਾ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਕੁਰਬਾਨੀਆਂ ਸਭ ਤੋਂ ਜ਼ਿਆਦਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਵਿੱਚੋਂ ਤਕਰੀਬਨ 80 ਫੀਸਦੀ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗ਼ਦਰ ਲਹਿਰ ਅਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ ਜਿਸ ਨੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਇਆ। ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਆਪਣੇ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਅਸੀਂ ਆਜ਼ਾਦੀ ਦਿਹਾੜੇ ਦਾ ਜਸ਼ਨ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਮਾਰਚ 2020 ਤੋਂ ਲੈ ਕੇ ਹੁਣ ਤੱਕ ਕੋਵਿਡ ਮਹਾਂਮਾਰੀ ਨਾਲ ਪੂਰੀ ਸਫ਼ਲਤਾ ਨਾਲ ਟਾਕਰਾ ਕੀਤਾ ਅਤੇ ਸੂਬੇ ਦੇ ਲੋਕਾਂ ਦੀ ਸਿਹਤ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਜਿਵੇਂ ਆਕਸੀਜਨ, ਦਵਾਈਆਂ ਆਦਿ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 34 ਨਸ਼ਾ ਛੁਡਾਊ ਕੇਂਦਰ ਅਤੇ 20 ਸਰਕਾਰੀ ਮੁੜ ਵਸੇਬਾ ਕੇਂਦਰ, 98 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਅਤੇ 43 ਪ੍ਰਾਈਵੇਟ ਮੁੜ ਵਸੇਬਾ ਕੇਂਦਰ ਵੀ ਚਲਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਦਿਆਂ ‘ਕਰਜਾ ਮੁਆਫ਼ੀ ਸਕੀਮ’ ਲਿਆਂਦੀ ਗਈ ਜਿਸ ਤਹਿਤ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 6 ਲੱਖ ਦੇ ਕਰੀਬ ਕਿਸਾਨਾਂ ਦਾ 4624 ਕਰੋੜ
ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 2021-22 ਦੌਰਾਨ ਸੂਬੇ ਵਿੱਚ ਕੁੱਲ 132.16 ਲੱਖ ਮੀਟਰਕ ਟਨ ਰਿਕਾਰਡ ਤੋੜ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਸੂਬੇ ਦੇ 8.80 ਲੱਖ ਕਿਸਾਨਾਂ ਦੇ ਖਾਤੇ ਵਿੱਚ 26000 ਕਰੋੜ ਰੁਪਏ ਦੀ ਐਮ.ਐਸ.ਪੀ. ਦੀ ਰਕਮ ਟਰਾਂਸਫਰ ਕੀਤੀ ਗਈ ਹੈ। ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ ਹੋਏ ਵਿਕਾਸ ਕਾਰਜਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਲਗਾਤਾਰ ਸਰਗਰਮ ਰਿਹਾ ਅਤੇ ਸੈਂਪÇਲੰਗ ਤੇ ਟੀਕਾਕਰਨ ਦੇ ਕੈਂਪਾਂ ਸਦਕਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਤੰਦਰੁਸਤ ਰੱਖਣ ਲਈ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਪੱਖੋਂ ਸਰਕਾਰੀ ਹਸਪਤਾਲਾਂ ਵਿਖੇ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਦਕਿ ਮਗਨਰੇਗਾ ਸਕੀਮ ਤਹਿਤ ਵੀ ਜ਼ਿਲ੍ਹੇ ਅੰਦਰ ਬੇਮਿਸਾਲ ਕੰਮ ਹੋਏ ਹਨ ਅਤੇ ਮੌਜੂਦਾ ਵਰੇ੍ਹ ਵਿੱਚ ਕੁੱਲ 17.43 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ ਤੇ ਸਰਕਾਰੀ ਸਕੂਲਾਂ ਵਿੱਚ 865 ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 35 ਖੇਡ ਮੈਦਾਨਾਂ ਉੱਤੇ 6.24 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਕੁੱਲ 6223 ਵਿਦਿਆਰਥੀਆਂ ਨੂੰ ਮੁਫ਼ਤ ਮੋਬਾਇਲ ਫੋਨ ਮੁਹੱਈਆ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਬੀਤੇ ਇੱਕ ਵਰ੍ਹੇ ਅੰਦਰ 1 ਲੱਖ 23 ਹਜ਼ਾਰ 539 ਬਿਨੇਕਾਰਾਂ ਨੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਭ ਉਠਾਇਆ ਅਤੇ ਸਰਕਾਰ ਵੱਲੋਂ ਖੋਲ੍ਹੇ ਗਏ 13 ਸੇਵਾ ਕੇਂਦਰਾਂ ਵਿੱਚ 332 ਤੋਂ ਵਧੇਰੇ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਗਰਾਮ ਪੰਚਾਇਤ ਦਾਤੇਵਾਸ ਵਿਖੇ ਸ਼ਹੀਦ ਜੋਗਿੰਦਰ ਸਿੰਘ ਦੇ ਨਾਮ ’ਤੇ ਸਟੇਡੀਅਮ ਦੀ ਉਸਾਰੀ ਲਈ 30 ਲੱਖ ਰੁਪਏ ਗ੍ਰਾਂਟ ਜਾਰੀ ਕੀਤੀ ਗਈ ਅਤੇ ਗਰਾਮ ਪੰਚਾਇਤ ਬੀਰੇਵਾਲਾ ਡੋਗਰਾ ਵਿਖੇ ਸ਼ਹੀਦ ਗੁਰਤੇਜ ਸਿੰਘ ਦੇ ਨਾਮ ’ਤੇ ਪਿੰਡ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 1 ਲੱਖ 8 ਹਜ਼ਾਰ 688 ਨੀਲਾ ਕਾਰਡ ਧਾਰਕ ਲਾਭਪਾਤਰੀਆਂ ਨੂੰ 2 ਰੁਪਏ ਕਿਲੋ ਦੇ ਹਿਸਾਬ ਨਾਲ ਕਣਕ ਦੀ ਵੰਡ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਕਾਂਗੜ ਵੱਲੋਂ ਦੇਸ਼ ਦੀ ਆਨ ਅਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਟੁਕੜੀਆ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਕੀਤੀ ਗਈ ਅਤੇ ਜ਼ਿਲ੍ਹਾ ਮਾਨਸਾ ਵਿਖੇ ਵੱਖ ਵੱਖ ਸਮਾਜ ਸੇਵੀ ਕਾਰਜਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਨਿਵਾਜਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਏ.ਡੀ.ਜੀ.ਪੀ. ਐਮ.ਐਫ਼ ਫਾਰੂਕੀ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਵਾਈਸ ਪ੍ਰਧਾਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ, ਕਾਂਗਰਸੀ ਆਗੂ ਡਾ. ਮਨੋਜ ਬਾਲਾ ਮੰਜੂ ਬਾਂਸਲ, ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ, ਡਾਇਰੈਕਟਰ ਪੰਜਾਬ ਟਰੇਡਰਜ਼ ਬੋਰਡ ਬਲਵਿੰਦਰ ਨਾਰੰਗ, ਪ੍ਰਧਾਨ ਨਗਰ ਕੌਂਸਲ ਸ਼੍ਰੀਮਤੀ ਜਸਵੀਰ ਕੌਰ ਸਮੇਤ ਹੋਰ ਜੂਡੀਸ਼ੀਅਲ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਸਿਆਸੀ ਨੁਮਾਇੰਦੇ ਹਾਜ਼ਰ ਸਨ।