*ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ*

0
72

ਮਾਨਸਾ, 15 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ (ਪੰਜਾਬ) ਡਾ. ਬਲਜੀਤ ਕੌਰ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਮਾਨਸਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਇਆ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਵਾਸੀਆ ਸਮੇਤ ਸਮੁੱਚੇ ਪੰਜਾਬੀਆਂ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀ ਅਜ਼ਾਦ ਮੁਲਕ ਦੇ ਵਸਨੀਕ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸੰਘਰਸ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁੁਰਬਾਨੀਆਂ ਦਿੱਤੀਆ ਜਿੰਨ੍ਹਾ ਦੀ ਬਦੌਲਤ ਅੱਜ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ 5 ਮਹੀਨੇ ਦੇ ਕਾਰਜ਼ਕਾਲ ਦੌਰਾਨ ਅਨੇਕਾਂ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜੋਂ ਖ਼ਤਮ ਕਰਨ ਦੀ ਦਿਸ਼ਾ ’ਚ ਵੱਡੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਾਅ ਐਂਡ ਆਰਡਰ ਦੇ ਮਾਮਲਿਆਂ ਪ੍ਰਤੀ ਬੇਹੱਦ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਘਰ ਬਣਾਉਣ ਦੀ ਤਜਵੀਜ਼ ਬਣਾਈ ਹੈ, ਤਾਂ ਜੋ ਲੋੜਵੰਦਾਂ ਨੂੰ ਸਿਰ ਢੱਕਣ ਲਈ ਛੱਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਅਤੇ ਕਿਸਾਨਾਂ ਦੀ ਮਿਹਨਤ ਨਾਲ ਗਰਮੀਆਂ ਦੀ ਮੂੰਗੀ ਅਧੀਨ ਰਕਬਾ 54 ਹਜ਼ਾਰ 363 ਏਕੜ ਤੋਂ ਵੱਧ ਕੇ 1 ਲੱਖ 28 ਹਜ਼ਾਰ 495 ਏਕੜ ਹੋ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 29 ਅਗਸਤ 2022 ਤੋਂ ਸੂਬੇ ਅੰਦਰ ਪੇਂਡੂ ਖੇਡ ਮੇਲੇ ਕਰਵਾਉਣ ਜਾ ਰਹੀ ਹੈ ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ’ਤੇ ਖੇਡਾਂ ਅੰਦਰ ਹੋਰ ਅੱਗੇ ਆਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਮੁਤਾਬਿਕ 1 ਜੁਲਾਈ 2022 ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਬਿÇਲੰਗ ਸਾਈਕਲ 600 ਯੂਨਿਟ ਮੁਫਤ ਦੇਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵੱਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ ਵਾਧਾ ਕਰਕੇ 1 ਕਰੋੜ ਰੁਪਏ ਕੀਤਾ ਹੈ ਅਤੇ ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਆਸ਼ਰਤਾਂ ਨੂੰ ਦਿੱਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੱਖਾਂ ਰੁਪਏ ਦਾ ਖਰਚਾ ਬਚਾਉਂਦੇ ਹੋਏ ਸੂਬੇ ਦਾ ਪਹਿਲਾ ਪੇਪਰ ਰਹਿਤ ਬਜ਼ਟ ਪੇਸ਼ ਕੀਤਾ ਹੈ, ਜੋ ਬਜ਼ਟ ਪੇਸ਼ ਕਰਨ ਦੇ ਇਤਿਹਾਸ ਵਿੱਚ ਇਕ ਨਿਵੇਕਲੀ ਪਹਿਲ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰੇਕ ਵਰਗ ਦੀ ਸਲਾਹ ਤੇ ਸੁਝਾਅ ਲੈ ਕੇ ਬਜ਼ਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆਂ ਬਣਾਉਣ ਦੇ ਮੰਤਵ ਨਾਲ ਸਕੂਲ ਆਫ ਐਮੀਨੈਂਸ ਵਿੱਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨਾਲ ਸਬੰਧਤ ਅਤੇ ਹੋਰ ਜਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ, ਜਿੱਥੇ ਨਸ਼ਿਆਂ ਦੇ ਕਾਲੇ  ਕਾਰੋਬਾਰ ਕਰਨ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਸਖ਼ਤ ਸ਼ਜਾਵਾਂ ਦਿੱਤੀਆ ਜਾਣਗੀਆਂ, ਉਥੇ ਹੀ ਨਸ਼ੇ ਤਿਆਗਣ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ  ਵੰਡ ਕੀਤੀ ਗਈ ਅਤੇ ਜ਼ਿਲ੍ਹਾ ਮਾਨਸਾ ਵਿਖੇ ਸਮਾਜ ਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ. ਸ੍ਰੀ ਗੋਰਵ ਤੂਰਾ ਵੱਲੋਂ ਮੁੱਖ ਮਹਿਮਾਨ ਜੀ ਨੂੰ ਫੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਆਈ.ਜੀ ਬਠਿੰਡਾ ਰੇਂਜ ਸ੍ਰੀ ਸ਼ਿਵੈ ਕੁਮਾਰ ਵਰਮਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੂਸ਼ਿਤਾ ਗੁਲਾਟੀ ਸਮੇਤ ਹੋਰ ਜੂਡੀਸ਼ੀਅਲ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਸਿਆਸੀ ਨੁਮਾਇੰਦੇ ਹਾਜ਼ਰ ਸਨ।

NO COMMENTS