*ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ*

0
118

ਮਾਨਸਾ, 26 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ )  : ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 74ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼ ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖਾਸ ਤੌਰ ’ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਸੂਬਾ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤੋਂ ਇਲਾਵਾ ਆਰਥਿਕ ਪੱਖੋਂ ਮਜ਼ਬੂਤੀ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਭਲਕੇ 27 ਜਨਵਰੀ ਨੂੰ ਰਾਜ ਅੰਦਰ 400 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਾਇਲਰੀ ਸਾਇੰਸਿਜ਼ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਇੰਸਟੀਚਿਊਟ ਦਾ ਪਹਿਲਾ ਫੇਸ 30.78 ਕਰੋੜ ਰੁਪਏ ਦੀ ਲਾਗਤ ਨਾਲ ਇਸੇ ਸਾਲ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਦੂਜੇ ਫੇਸ ਦੀ ਉਸਾਰੀ ’ਤੇ 59.25 ਕਰੋੜ ਰੁਪਏ ਖਰਚ ਕੀਤੇ ਜਾਣਗੇ।


ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਰਹਿਤ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਵਿਚ ਪਹਿਲੀ ਵਾਰ ਸੂਬੇ ਦੀਆਂ ਜੇਲ੍ਹਾਂ ’ਚ ਬੰਦ ਲਗਭਗ 30 ਹਜ਼ਾਰ ਕੈਦੀਆਂ ਦੀ ਡਰੱਗ ਸਕਰੀਨਿੰਗ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਜਿਸ ਤਹਿਤ ਰਾਜ ਸਰਕਾਰ ਵੱਲੋਂ ਸੂਬੇ ਅੰਦਰ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ 58 ਕਰੋੜ ਦੀ ਲਾਗਤ ਨਾਲ ਇੰਟਰਨੈਟ ਅਤੇ ਵਾਈ ਫਾਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਜ਼ਿਲ੍ਹਾ ਲਾਇਬ੍ਰੇਰੀਆਂ ਵਿਚ 30 ਕਰੋੜ ਦੇ ਬਜਟ ਨਾਲ ਬੁਨਿਆਦੀ ਸਹੂਲਤਾਂ ਦੀ ਵਿਵਸਥਾ ਵੀ ਕੀਤੀ ਗਈ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਨੇ ਹੁਣ ਤੱਕ ਸੂਬੇ ਦੇ ਕਰੀਬ 26 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਲਗਭਗ 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਾਕ ਤੋਂ ਸੂਬਾ ਪੱਧਰ ਤੱਕ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ-2022 ’ਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਮੁਹੱਈਆ ਕਰਵਾਈ ਗਈ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ-2022 ਦੇ ਤਮਗ਼ਾ ਜੇਤੂ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਲ 2022-23 ਦੌਰਾਨ 123 ਸਨਅਤੀ ਇਕਾਈਆਂ ਨੂੰ 644 ਕਰੋੜ ਰੁਪਏ ਤੱਕ ਦੀ ਬਿਜਲੀ ਡਿਊਟੀ, ਸਟੈਂਪ ਡਿਊਟੀ, ਸੀ.ਐਲ.ਯੂ.-ਈ.ਡੀ.ਸੀ. ਦਰਾਂ ਤੋਂ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਫਰਵਰੀ ਮਹੀਨੇ ਵਿਚ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 335 ਕਿਲੋਮੀਟਰ ਪੇਂਡੂ ਸੜਕਾਂ ਨੂੰ 221 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ 1047 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ’ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਨਿੱਜੀ ਆਧਾਰ ’ਤੇ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ 1 ਲੱਖ 10 ਹਜ਼ਾਰ ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਦੀ ਲਾਗਤ ਦੇ 1894 ਕਮਿਊਨਿਟੀ ਸੈਨੇਟਰੀ ਕੰਪਲੈਕਸ ਦੇ ਕੰਮ ਸ਼ੁਰੂ ਕੀਤੇ ਗਏ ਹਨ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜ਼ੀਰੋ ਬਿਜਲੀ ਬਿੱਲ ਦੇ ਵਾਅਦੇ ਨੂੰ ਪੂਰਾ ਕਰਦਿਆਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ, ਹੁਣ ਸੂਬੇ ਦੇ 90 ਫ਼ੀਸਦੀ ਤੋਂ ਵੱਧ ਜ਼ੀਰੋ ਬਿਲ ਆ ਰਹੇ ਹਨ।

ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਸ੍ਰੀ ਲਵਪ੍ਰੀਤ ਸਿੰਘ ਸਮੇਤ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਪ੍ਰੋਗਰਾਮ ਦੇ ਅੰਤ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਨਸਾ ਵੱਲੋਂ ਕੌਮੀ ਗਾਇਨ ਦਾ ਆਯੋਜਨ ਕੀਤਾ ਗਿਆ। ਮੁੱਖ ਮਹਿਮਾਨ ਜੀ ਵੱਲੋਂ ਗਣਤੰਤਰ ਦਿਹਾੜੇ ਦੀ ਖੁਸ਼ੀ ਵਿਚ ਜ਼ਿਲ੍ਹਾ ਮਾਨਸਾ ਦੇ ਸਮੂਹ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।


ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਆਈ.ਜੀ. ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਪੀ. (ਡੀ) ਸ੍ਰੀ ਬਾਲ ਕ੍ਰਿਸ਼ਨ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ  ਹਾਜ਼ਰ ਸਨ।

LEAVE A REPLY

Please enter your comment!
Please enter your name here