ਭੀਖੀ, 26 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ): ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸ਼ਾਮ ਅਨਾਜ ਮੰਡੀ ਭੀਖੀ ਵਿਖੇ 1.37 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਟੀਲ ਕਵਰ ਸ਼ੈੱਡਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਰਸਾਨੀ ਨਾਲ ਸਬੰਧਤ ਹਰੇਕ ਕਾਰਜ ਨੂੰ ਸੁਵਿਧਾਜਨਕ ਬਣਾਉਣ ਲਈ ਹਮੇਸ਼ਾਂ ਹੀ ਸਾਰਥਕ ਉਪਰਾਲੇ ਕੀਤੇ ਜਾਂਦੇ ਹਨ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਅਨਾਜ ਮੰਡੀਆਂ ਵਿੱਚ ਢੁਕਵੇਂ ਇਨਫਰਾਸਟਰੱਕਚਰ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭੀਖੀ ਮੰਡੀ ਦੇ ਕਾਰ ਵਿਹਾਰ ਨਾਲ ਜੁੜੇ ਸਮੂਹ ਵਰਗਾਂ ਦੀ ਮੰਗ ਨੂੰ ਪੂਰਾ ਕਰਦਿਆਂ ਹੀ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਮੰਡੀ ਬੋਰਡ ਪੰਜਾਬ ਵੱਲੋਂ ਇਸ ਸ਼ੈਡ ਦਾ ਨਿਰਮਾਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਕੋਝੇ ਹਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਵਿੱਢਿਆ ਹੋਇਆ ਸੰਘਰਸ਼ ਪੰਜਾਬ ਦੇ ਹਰੇਕ ਵਿਅਕਤੀ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਧ ਰਿਹਾ ਹੈ ਅਤੇ ਜਦੋਂ ਜਦੋਂ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਦੀ ਗੱਲ ਆਈ ਹੈ ਤਾਂ ਸਭ ਨੇ ਇਕਜੁੱਟ ਹੋ ਕੇ ਹਿੱਸਾ ਪਾਇਆ ਹੈ।ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ ਸਮੇਤ ਹੋਰ ਖੇਤਰਾਂ ਵਿੱਚ ਵਿਆਪਕ ਪੱਧਰ ਉੱਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਸਥਾਪਿਤ ਟਾਟਾ ਕੈਂਸਰ ਹਸਪਤਾਲ ਵਿੱਚ 90 ਫੀਸਦੀ ਤੋਂ ਵੱਧ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਘਾਬਦਾਂ ਵਿੱਚ ਬਣਿਆ ਪੀਜੀਆਈ ਸੈਟੇਲਾਇਟ ਸੈਂਟਰ ਵੀ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵਰਦਾਨ ਸਾਬਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਸਰਕਾਰ ਨੇ ਹਮੇਸ਼ਾਂ ਟੀਚਾ ਬੰਨ੍ਹ ਕੇ ਹਰ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਹੈ ਅਤੇ ਭੀਖੀ ਦੀਆਂ ਹੋਰ ਜ਼ਰੂਰਤਾਂ ਨੂੰ ਵੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਲੋਕਾਂ ਦੀਆਂ ਕੁਝ ਮੰਗਾਂ ਸ਼੍ਰੀ ਸਿੰਗਲਾ ਨਾਲ ਸਾਂਝੀਆਂ ਕੀਤੀਆਂ।
ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਪ੍ਰਧਾਨ ਨਗਰ ਪੰਚਾਇਤ ਵਿਨੋਦ ਕੁਮਾਰ, ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ, ਲਾਜਪਤ ਰਾਏ, ਡਿਪਟੀ ਕਮਿਸ਼ਨਰ ਮਹਿੰਦਰ ਪਾਲ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।