ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

0
39

ਮਾਨਸਾ, 26 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ): ਦੇਸ਼ ਦੇ 72ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਸ੍ਰੀ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਵਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਬਾਅਦ ਵਿੱਚ ਮਾਨਸਾ ਵਾਸੀਆ ਦੇ ਨਾਂ ‘ਤੇ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਉਹ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਸਲਾਮ ਕਰਦੇ ਹਨ ਜਿਨ੍ਹਾਂ ਨੇ ਦੇਸ਼ ਨੂੰ ਇਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨਾਲ ਦੇਸ਼ ਇੱਕ ਮਾਲਾ ਵਿੱਚ ਪਰੋਇਆ ਗਿਆ। ਇਸ ਮੌਕੇ ਉਨ੍ਹਾਂ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।


ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਦੀ ਬਿਹਤਰੀ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਕਿਸਾਨੀ, ਸਿਹਤ ਸੇਵਾਵਾਂ, ਸੜਕਾਂ, ਸਿੱਖਿਆ ਲਈ ਰਾਜ ਸਰਕਾਰ ਵੱਲੋਂ ਕੀਤੇ ਗਏ ਕਾਰਜਾਂ ਨੂੰ ਰਾਜ ਦੇ ਲੋਕ ਬਾਖੂਬੀ ਢੰਗ ਨਾਲ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦੇ ਰਾਖੇ ਦੇ ਨਾਲ ਨਾਲ ਕਿਸਾਨੀ ਦਾ ਰਾਖਾ ਵੀ ਮੰਨਿਆ ਗਿਆ ਹੈ ਅਤੇ ਕਿਸਾਨ ਵਰਗ ਲਈ ਵੱਡੇ ਉਪਰਾਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ 303 ਕਰੋੜ ਰੁਪਏ ਦੀ ਲਾਗਤ ਨਾਲ 7800 ਤੋਂ ਵੱਧ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਗਿਆ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ

ਆਨਲਾਈਨ ਪੜ੍ਹਾਈ ਲਈ ਪੌਣੇ ਦੋ ਲੱਖ ਬੱਚਿਆਂ ਨੂੰ ਮੁਫ਼ਤ ਮੋਬਾਇਲ ਫੋਨ ਦਿੱਤੇ ਗਏ। ਸ਼੍ਰੀ ਸਿੰਗਲਾ ਨੇ ਕਿਹਾ ਕਿ ਮੈਰਿਟ ਦੇ ਆਧਾਰ ‘ਤੇ ਆਨਲਾਈਨ ਟੀਚਰ ਟਰਾਂਸਫਰ ਪਾਲਿਸੀ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰੰਤਰ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਦੀ ਗਿਣਤੀ ਵਧੀ ਹੈ ਅਤੇ 3.5 ਲੱਖ ਨਵੇਂ ਦਾਖਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸੜਕੀ ਨੈਟਵਰਕ ਦੀ ਮਜ਼ਬੂਤੀ ਲਈ ਵੱਡੇ ਕਾਰਜ ਕੀਤੇ ਗਏ ਜਿਨ੍ਹਾਂ ਵਿੱਚ 3260 ਕਰੋੜ ਦੀ ਲਾਗਤ ਨਾਲ 29345 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ, 160 ਕਿਲੋਮੀਟਰ ਚਾਰ ਮਾਰਗੀ ਨੈਸ਼ਨਲ ਹਾਈਵੇ ਦਾ ਨਿਰਮਾਣ ਵੀ ਸ਼ਾਮਲ ਹਨ। ਸ਼੍ਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਦੀ ਸੁਵਿਧਾ ਲਈ ਸਮਾਰਟ ਵਿਲੇਜ ਸਕੀਮ ਤਹਿਤ 2622 ਕਰੋੜ ਰੁਪਏ ਖਰਚੇ ਗਏ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਸੰਗਰੂਰ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਕੈਂਸਰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਵੱਡੀ ਸੁਵਿਧਾ ਹੈ ਜਿਸ ਦਾ ਲਾਭ ਨਾ ਕੇਵਲ ਸੰਗਰੂਰ ਬਲਕਿ ਪੰਜਾਬ ਸਮੇਤ ਹੋਰ ਰਾਜਾਂ ਦੇ ਲੋੜਵੰਦ ਵੀ ਉਠਾਉਂਦੇ ਹਨ ਅਤੇ ਜਿਥੇ ਕਿ ਪੀੜਤਾਂ ਦਾ 90 ਫੀਸਦੀ ਇਲਾਜ ਮੁਫ਼ਤ ਹੁੰਦਾ ਹੈ।
ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਡੀ.ਐਸ.ਪੀ ਬੁਢਲਾਡਾ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾਵਾਂ, ਹੋਮਗਾਰਡਜ਼, ਐਨ.ਸੀ.ਸੀ ਕੈਡਿਟ ਤੇ ਸਕਾਊਟ ਦੀਆਂ ਟੁਕੜੀਆਂ ਦੁਆਰਾ ਕੀਤੀ ਗਈ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼ੀ੍ਰ ਸੁਰੇਂਦਰ ਲਾਂਬਾ ਵੀ ਉਨ੍ਹਾਂ ਦੇ ਨਾਲ ਸਨ।
ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਪ੍ਰਦਾਨ ਕੀਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਜ਼ਿਲ੍ਹਾ ਪ੍ਰਸਾਸਨ ਦੀ ਤਰਫੋਂ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ 60 ਤੋਂ ਵੱਧ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਪਰੇਡ ਕਮਾਂਡਰ, ਵੱਖ ਵੱਖ ਟੁਕੜੀਆਂ ਦੇ ਕਮਾਂਡਰਾਂ  ਨੂੰ ਵੀ ਸਨਮਾਨਿਤ ਕੀਤਾ ਗਿਆ । ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕੈਬਨਿਟ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਗੁਬਾਰੇ ਵੀ ਛੱਡੇ ਅਤੇ ਅਖੀਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਦੇ ਧਰਮਪਤਨੀ ਤੇ ਬੱਚਿਆਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨਜ ਜੱਜ ਮਨਦੀਪ ਪੰਨੂ ਸਮੇਤ ਹੋਰ ਜੁਡੀਸ਼ੀਅਲ ਅਧਿਕਾਰੀ, ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਕੁਲਵੰਤ ਰਾਏ ਸਿੰਗਲਾ, ਰਣਜੀਤ ਕੌਰ ਭੱਟੀ, ਮੰਜੂ ਬਾਂਸਲ, ਗੁਰਪ੍ਰੀਤ ਕੌਰ ਗਾਗੋਵਾਲ, ਵਾਈਸ ਚੇਅਰਮੈਨ ਸਫਾਈ ਕਰਮਚਾਰੀ ਯੂਨੀਅਨ ਰਾਮ ਸਿੰਘ, ਅਰਸ਼ਦੀਪ ਸਿੰਘ ਗਾਗੋਵਾਲ, ਲਖਵਿੰਦਰ ਸਿੰਘ ਲਖਨਪਾਲ, ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ, ਆਗੂ ਤੇ ਵਿਦਿਆਰਥੀ ਵੀ ਹਾਜ਼ਰ ਸਨ। 

NO COMMENTS