
Dengue (ਸਾਰਾ ਯਹਾਂ/ ਮੁੱਖ ਸੰਪਾਦਕ ) : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੋ ਬੀਤੇ ਦਿਨ ਡੇਂਗੂ ਤੋਂ ਪੀੜਿਤ ਹੋ ਗਏ ਸਨ, ਨੂੰ ਸਥਾਨਕ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਵੇਲੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਨਿਰੰਤਰ ਸੁਧਾਰ ਹੋ ਰਿਹਾ ਹੈ
ਉਨ੍ਹਾਂ ਦੇ ਪ੍ਸੰਸਕ, ਦੋਸਤ ਮਿੱਤਰ ਅਤੇ ਰਿਸ਼ਤੇਦਾਰ ਜੋ ਹਸਪਤਾਲ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਹਾਲ ਚਾਲ ਪੁੱਛਣ ਆ ਰਹੇ ਹਨ, ਦਾ ਧੰਨਵਾਦ ਕਰਦੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਦੀ ਮਿਹਰ ਨਾਲ ਉਹ ਚੜਦੀ ਕਲਾ ਵਿੱਚ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਉਨ੍ਹਾਂ ਦੇ ਟੈਸਟ ਕਰਵਾਏ ਗਏ ਸਨ, ਜੋ ਡੇਂਗੂ ਪਾਜੀਟਵ ਆਉਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸੁਪਰਡੈਂਟ ਡਾਕਟਰ ਕਰਨਜੀਤ ਸਿੰਘ ਨੇ ਦੱਸਿਆ ਕਿ ਮੰਤਰੀ ਸਾਹਿਬ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਕੋਈ ਚਿੰਤਾ ਵਾਲੀ ਗੱਲ ਨਹੀਂ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਾਰੇ ਮਰੀਜ਼ਾਂ ਦੇ ਡੇਂਗੂ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਲਾਜ ਵੀ ਮੁਫਤ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਸੀਂ ਡੇਂਗੂ ਕਾਰਨ ਬਿਮਾਰ ਹੋ ਤਾਂ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਡੇਂਗੂ ਬਹੁਤ ਜ਼ਿਆਦਾ ਫੈਲ ਗਿਆ ਹੈ। ਇਸ ਦੀ ਲਪੇਟ ‘ਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਆ ਗਏ ਹਨ। ਕੈਬਨਿਟ ਮੰਤਰੀ ਨੂੰ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
