27 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਬੀ ਜਗੀਰ ਕੌਰ ਨੇ ਕਿਹਾ ਕਿ ਆਦੇਸ਼ ਪ੍ਰਤਾਪ ਕੈਰੋਂ ਦੇ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਮਤਭੇਦ ਹੋ ਸਕਦੇ ਹਨ ਪਰ ਉਹ ਪਾਰਟੀ ਦੇ ਹੱਕ ਵਿੱਚ ਹਨ। ਚੋਣਾਂ ਦੇ ਵਿਚਕਾਰ ਅਜਿਹਾ ਫੈਸਲਾ ਲੈਣਾ ਠੀਕ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ ਨੂੰ ਕੱਢਣ ਦੇ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਕਾਰਵਾਈ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਦੋਸ਼ ਲਾਇਆ ਗਿਆ ਕਿ ਕੈਰੋਂ ਨੇ ਵਰਕਰਾਂ ’ਤੇ ਅਕਾਲੀ ਦਲ ਅਤੇ ਵਲਟੋਹਾ ਦੇ ਹੱਕ ਵਿੱਚ ਵੋਟ ਨਾ ਪਾਉਣ ਲਈ ਦਬਾਅ ਪਾਇਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਫੈਸਲਾ ਲੈਂਦੇ ਹੋਏ ਆਦੇਸ਼ ਪ੍ਰਤਾਪ ਸਿੰਘ ਨੂੰ ਪਾਰਟੀ ‘ਚੋਂ ਕੱਢਣ ਦਾ ਫੈਸਲਾ ਕੀਤਾ ਹੈ।
ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਚੋਣਾਂ ਨੇੜੇ ਹਨ। ਇਹ ਫੈਸਲਾ ਗ਼ਲਤ ਸਮੇਂ ‘ਤੇ ਲਿਆ ਗਿਆ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਮਲੂਕਾ ਦੇ ਇੰਟਰਵਿਊ ‘ਤੇ ਵੀ ਸਵਾਲ ਚੁੱਕੇ, ਜਿਸ ‘ਚ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਮੰਤਰੀ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਮਲੂਕਾ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਤੋਂ ਵੀ ਦੂਰ ਰਹੇ ਹਨ।
ਇਸ ਦੇ ਨਾਲ ਹੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਵੀ ਸੁਖਬੀਰ ਬਾਦਲ ਦੇ ਇਸ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਦੇਸ਼ ਪ੍ਰਤਾਪ ਕੈਰੋਂ ਦੇ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਮਤਭੇਦ ਹੋ ਸਕਦੇ ਹਨ ਪਰ ਉਹ ਪਾਰਟੀ ਦੇ ਹੱਕ ਵਿੱਚ ਹਨ। ਚੋਣਾਂ ਦੇ ਵਿਚਕਾਰ ਅਜਿਹਾ ਫੈਸਲਾ ਲੈਣਾ ਠੀਕ ਨਹੀਂ ਹੈ।