*ਕੋਆਪਰੇਟਿਵ ਸੁਸਾਇਟੀ ਕੋਲ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ*

0
11

ਮਾਨਸਾ, 15 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵੱਖ ਵੱਖ ਪਿੰਡਾਂ ਵਿਚ ਜ਼ਿਲ੍ਹਾ ਪੱਧਰ ’ਤੇ ਤੈਨਾਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਯੋਗ ਨਿਪਟਾਰਾ ਕਰਨ ਲਈ ਕੋਆਪਰੇਟਿਵ ਸੁਸਾਇਟੀ ਕੋਲ ਲੋੜੀਂਦੀ ਮਸ਼ੀਨਰੀ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਜਿੱਥੇ ਕਿਧਰੇ ਮਸ਼ੀਨਰੀ ਦੀ ਲੋੜ ਹੋਵੇ, ਆਪਣੇ ਪੱਧਰ ’ਤੇ ਸ਼ਨਾਖ਼ਤ ਕਰਕੇ ਮੁਹੱਈਆ ਕਰਵਾਉਣ ਲਈ ਕਿਹਾ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਰਹਿ ਕੇ ਕਿਸਾਨਾਂ ਨੂੰ ਅੱਗ ਨਾ ਲਗਾ ਕੇ ਸਾਫ ਸੁਥਰੇ ਵਾਤਾਵਰਣ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸਮੂਹ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਪਿੰਡਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ, ਅਜਿਹੇ ਜ਼ਮੀਨ ਮਾਲਕਾਂ ਦੀ ਸ਼ਨਾਖ਼ਤ ਕੀਤੀ ਜਾਵੇ ਅਤੇ ਪਰਾਲੀ ਸਾੜਨ ਦੇ ਕੇਸਾਂ ਵਿਚ ਕੀਤੇ ਚਲਾਣ ਤੁਰੰਤ ਐਸ.ਡੀ.ਐਮ. ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਾਤਾਵਰਣ ਗੰਧਲਾ ਕਰਨ ਵਾਲੇ ਜ਼ਮੀਨ ਮਾਲਕਾਂ ਤੋਂ ਰਿਕਵਰੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਦੀ ਇਹ ਨਿੱਜੀ ਜ਼ਿੰਮੇਵਾਰੀ ਹੈ ਕਿ ਲੋਕ ਭਲਾਈ ਦੇ ਇਸ ਕਾਰਜ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ ਵਿਚ ਡਿਊਟੀ ਨਿਭਾਅ ਰਹੇ ਵਿਭਾਗੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਡਾ. ਸੀ.ਕੇ. ਦਿਕਸ਼ਤ ਤੋਂ ਇਲਾਵਾ ਕਲੱਸਟਰ ਅਫ਼ਸਰਾਂ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

NO COMMENTS