ਮਾਨਸਾ, 7 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਵੱਲੋਂ ਕੋਵਾ ਐਪ ਦੀ ਵਰਤੋਂ ਕਰਦਿਆਂ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਰੋਲ ਅਦਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਫਤਿਹ ਮੁਹਿੰਮ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਬਰੋਨਜ਼, ਸਿਲਵਰ ਸਰਟੀਫਿਕੇਟ ਅਤੇ ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਾਜ਼ਰ ਸਮੂਹ ਮਿਸ਼ਨ ਫਤਿਹ ਯੋਧਿਆਂ ਨੂੰ ਵਧਾਈ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਇਸ ਸਮੇਂ ਪੂਰਾ ਵਿਸ਼ਵ ਜੂਝ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਸ਼ਨ ਫਤਿਹ ਨਾਲ ਜੁੜ ਕੇ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਅਤੇ ਹੋਰਨਾ ਨੂੰ ਵੀ ਜਾਗਰੂਕ ਕਰਨ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ, ਜਿਸ ਵਿਚ ਜ਼ਿਲ੍ਹਾ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਪਾਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਇਸ ਜੰਗ ਵਿਚ ਨਿੱਤਰਨ ਵਾਲੇ ਲੋਕ ਸ਼ਲਾਘਾ ਦੇ ਪਾਤਰ ਹਨ। ਇਹ ਲੋਕਾਂ ਦਾ ਹੀ ਸਹਿਯੋਗ ਹੈ ਜਿਸ ਕਾਰਨ ਜ਼ਿਲ੍ਹੇ ਅੰਦਰ ਸਥਿਤੀ ਬਾਕੀ ਜ਼ਿਲਿ੍ਹਆਂ ਨਾਲੋਂ ਕਾਫੀ ਹੱਦ ਤੱਕ ਚੰਗੀ ਹੈ।
ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਨਾਲ ਜੁੜਨ, ਕੋਵਾ ਐਪ ਡਾਊਨਲੋਡ ਕਰਨ ਅਤੇ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਣ ਭੂਮਿਕਾ ਨਿਭਾਉਣ ਵਾਲੇ ਮਿਸ਼ਨ ਫਤਿਹ ਯੋਧਿਆਂ ਦਾ ਸਨਮਾਨ ਕਰਨਾ ਉਨ੍ਹਾਂ ਵਿਚ ਉਤਸ਼ਾਹ ਭਰਨਾ ਹੈ ਤਾਂ ਜੋ ਉਹ ਅੱਗੇ ਤੋਂ ਵੀ ਸਮਾਜਿਕ ਹਿਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣ।
ਬਰੋਨਜ਼ ਅਤੇ ਸਿਲਵਰ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਸਮੂਹ ਮਿਸ਼ਨ ਫਤਿਹ ਯੋਧਿਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਣ ਲਿਆ ਕਿ ਉਹ ਕੋਰੋਨਾ ਜੰਗ ਵਿਚ ਇਸੇ ਤਰਾਂ ਆਪਣਾ ਰੋਲ ਅਦਾ ਕਰਦੇ ਰਹਿਣਗੇ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।