ਕੋਰੋਨਾ ਦੀ ਵੈਕਸੀਨ ਆਉਣ ਤੱਕ ਲੋਕ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ :ਡਿਪਟੀ ਕਮਿਸ਼ਨਰ

0
20

ਮਾਨਸਾ, 03 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਮਾਨਸਾ ਜ਼ਿਲ੍ਹੇ ਅੰਦਰ ਪੂਰੇ ਪੰਜਾਬ ਵਿੱਚੋਂ ਕੋਰੋਨਾ ਦੇ ਕੇਸ ਘੱਟ ਹਨ ਅਤੇ ਇਹ ਸਭ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਜਿਸ ਲਈ ਮੈਂ ਜ਼ਿਲ੍ਹਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਸਿੱਧੇ ਪ੍ਰਸਾਰਣ ਰਾਹੀਂ ਲੋਕਾਂ ਦੇ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਤੋਂ ਪੂਰੀ ਉਮੀਦ ਕਰਦੇ ਹਨ ਕਿ ਉਹ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਵਿੱਚ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਦਿੰਦੇ ਰਹਿਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 65000 ਤੋਂ ਵੀ ਵੱਧ ਵਿਅਕਤੀਆਂ ਦੀ ਕੋਰੋਨਾ ਸੈਂਪÇਲੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜ਼ਿਲ੍ਹੇ ਅੰਦਰ ਪੰਜਾਬ ਵਿੱਚੋਂ ਸਭ ਤੋਂ ਘੱਟ ਪਾਜ਼ਿਟਿਵ ਰੇਟ 3.36 ਫੀਸਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਕੋਰੋਨਾ ਸਬੰਧੀ ਕੋਈ ਵੈਕਸੀਨ ਨਹੀਂ ਆਉਂਦਾ ਉਦੋਂ ਤੱਕ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਨਿਰਧਾਰਿਤ ਦੂਰੀ ਬਣਾਏ ਰੱਖਣਾ ਅਤੇ ਆਪਣੇ ਹੱਥਾਂ ਨੂੰ ਧੋਣਾ ’ਤੇ ਅਮਲ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਵਿਅਕਤੀ ਨੂੰ 1000/- ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਵੀ ਕਾਫੀ ਕੇਸ ਦੇਖਣ ਨੂੰ ਮਿਲੇ ਹਨ ਇਸ ਲਈ ਇਸ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣਾ ਚਾਹੀਦਾ ਹੈ ਅਤੇ ਪਾਣੀ ਨੂੰ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਤਾਂ ਜੋ ਮੱਛਰ ਦੀ ਪੈਦਾਵਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰੈਸ਼ਰ ਹਾਰਨ ਅਤੇ ਬਹੁ-ਭਾਂਤੀ ਆਵਾਜਾਂ ਵਾਲੇ ਹਾਰਨਾਂ ’ਤੇ ਸਖ਼ਤੀ ਕੀਤੀ ਗਈ ਹੈ ਅਤੇ ਅਜਿਹੇ ਹਾਰਨ ਲਗਵਾਉਣ ਵਾਲੇ ਵਾਹਨ ਚਾਲਕਾਂ ਨੂੰ 5000/- ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਵੈ-ਰੁਜ਼ਗਾਰ ਨੂੰ ਪ੍ਰਫੁਲਤ ਕਰਨ ਲਈ ਜ਼ਿਲ੍ਹੇ ਅੰਦਰ ਰੋਜ਼ਗਾਰ ਲੋਨ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ 4 ਦਸੰਬਰ ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ, 11 ਦਸਬੰਰ ਨੂੰ ਸਰਕਾਰੀ ਆਈ.ਟੀ.ਆਈ. ਬੁਢਲਾਡਾ, 18 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਅਤੇ 29 ਦਸੰਬਰ 2020  ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੈ-ਰੁਜ਼ਗਾਰ ਲੋਨ ਮੇਲਾ ਲਗਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਸਵੈ-ਰੁਜ਼ਗਾਰ ਕਰਨ ਦੇ ਇੱਛੁਕ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਤਿਆਰ ਕੀਤਾ ਗਿਆ ਹੈ ਜਿਸ ’ਤੇ ਆਨ-ਲਾਈਨ ਸ਼ਿਕਾਇਤਾਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ  ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂ ਬੱਧ ਕਰਨਾ ਯਕੀਨੀ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here