ਨਵੀਂ ਦਿੱਲੀ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 15 ਦਿਨ ਲਈ ਟਲ ਗਈਆਂ ਹਨ। ਦਿੱਲੀ ਸਰਕਾਰ ਨੇ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਕੋਲ ਭੇਜੀ ਹੈ। ਦੱਸ ਦਈਏ ਕਿ ਦਿੱਲੀ ‘ਚ ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪਰੈਲ ਨੂੰ ਹੋਣੀਆਂ ਸੀ ਪਰ ਦਿੱਲੀ ਵਿੱਚ 26 ਅਪਰੈਲ ਤੱਕ ਲੌਕਡਾਊ ਲੱਗ ਗਿਆ ਹੈ।
ਉਧਰ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਜੋ 25 ਅਪਰੈਲ ਨੂੰ ਹੋਣੀਆਂ ਤੈਅ ਹੋਈਆਂ ਹਨ, ਮੁਲਤਵੀ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਹੈ ਕਿ 25 ਅਪਰੈਲ ਨੂੰ ਗੁਰਦੁਆਰਾ ਕਮੇਟੀ ਦੇ ਵੋਟਰਾਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਵਰਤ ਕੇ ਪੌਲਿੰਗ ਬੂਥ ’ਤੇ ਜਾ ਕੇ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਇਹ ਧਾਰਮਿਕ ਚੋਣਾਂ ਹਨ। ਇਨ੍ਹਾਂ ਚੋਣਾਂ ’ਚ ਰਾਜਨੀਤਕ ਚੋਣਾਂ ਵਾਂਗੂ ਚੋਣ ਪ੍ਰਚਾਰ ਨਹੀਂ ਹੋਣਾ ਚਾਹੀਦਾ। ਫੂਲਕਾ ਨੇ ਲਿਖਿਆ ਕਿ ਹੁਣ ਲੌਕਡਾਊਨ ਦਾ ਐਲਾਨ ਹੋ ਚੁੱਕਾ ਹੈ, ਇਸ ਕਰਕੇ ਲੌਕਡਾਊਨ ਵਿੱਚ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਕਿਸੇ ਵੀ ਉਮੀਦਵਾਰ ਨੂੰ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੋ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਚੋਣਾਂ ਬਾਰੇ ਨਿਯਮ ਹਨ, ਉਸ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ ਲਈ ਸਮਾਂ ਦੇਣਾ ਜ਼ਰੂਰੀ ਨਹੀਂ।