ਕੋਰੋਨਾ ਦੇ ਕਹਿਰ ‘ਚ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੀ ਸ਼ਾਮਤ

0
26

ਚੰਡੀਗੜ੍ਹ: ਪੰਜਾਬ ਸਰਕਾਰ ਸਪਸ਼ਟ ਕੀਤਾ ਹੈ ਕਿ ਕੋਰੋਨਾ ਦੇ ਕਹਿਰ ‘ਚ ਕੋਈ ਵੀ ਸਕੂਲ ਜਾਂ ਕਾਲਜ ਵਿਦਿਆਰਥੀਆਂ ਨੂੰ ਫੀਸਾਂ ਭਰਨ ਲਈ ਮਜ਼ਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਪ੍ਰਾਈਵੇਟ ਸਕੂਲ ਮਾਪਿਆਂ ਨੂੰ ਨੋਟਿਸ ਭੇਜ ਫੀਸਾਂ ਭਰਨ ਲਈ ਕਹਿ ਰਹੇ ਹਨ। ਇਸ ਦੀ ਸ਼ਿਕਾਇਤ ਮਿਲਣ ਮਗਰੋਂ ਸਿੱਕਿਆ ਮਹਿਕਮੇ ਨੇ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਤੱਕ ਮਾਪਿਆਂ ਕੋਲੋਂ ਫ਼ੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਮਗਰੋਂ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 6 ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਸਕੂਲਾਂ ’ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫਿਊ ਦੌਰਾਨ ਦਾਖ਼ਲਾ ਫੀਸ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਉਨ੍ਹਾਂ ਦੀ ਨਿੱਜੀ ਈ-ਮੇਲ ’ਤੇ ਭੇਜੀ ਜਾਵੇ।

ਉਨ੍ਹਾਂ ਦੱਸਿਆ ਕਿ ਈ-ਮੇਲ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਤੇ 22 ਸਕੂਲਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਤੇ ਜੇਕਰ ਸੀਬੀਐਸਈ ਜਾਂ ਕਿਸੇ ਹੋਰ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸ ਦੀ ਐਨਓਸੀ ਰੱਦ ਕਰ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੁਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੁਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤ੍ਰਿਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐਲਆਰਐਸ ਡੀਏਵੀ ਸਕੂਲ ਅਬੋਹਰ, ਏਪੀਜੇ ਪਬਲਿਕ ਸਕੂਲ ਜਲੰਧਰ, ਐਮਸੀਐਮ ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਤੇ ਐਸਡੀ ਮਾਡਲ ਸਕੂਲ ਮੰਡੀ ਗੋਬਿੰਦਗੜ੍ਹ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਕਾਦਮਿਕ ਵਰ੍ਹੇ 2020-21 ਲਈ ਦਾਖ਼ਲੇ ਦੀ ਸਮਾਂ ਸਾਰਣੀ ਹਾਲਾਤ ਆਮ ਕਾਬੂ ਵਿੱਚ ਆਉਣ ਤੋਂ ਬਾਅਦ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਰੋਨਾਵਾਇਰਸ ਕਾਬੂ ’ਚ ਹੋਣ ਤੋਂ ਬਾਅਦ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ। ਇਸ ਦੌਰਾਨ ਕਿਸੇ ਤੋਂ ਵੀ ਲੇਟ ਫੀਸ ਜਾਂ ਜੁਰਮਾਨਾ ਨਾ ਵਸੂਲਿਆ ਜਾਵੇ।

LEAVE A REPLY

Please enter your comment!
Please enter your name here