ਮਾਨਸਾ, 26 ਸਤੰਬਰ (ਸਾਰਾ ਯਹਾ / ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਸੋਹਨ ਲਾਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੀ ਸਬ-ਡਵੀਜ਼ਨ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਲੋਕਾਂ ਨੂੰ ਕੋਰੋਨਾ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਵਿੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਵਿਅਕਤੀਆਂ ਦੀ ਕੋਰੋਨਾ ਸਬੰਧੀ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਕੋਰੋਨਾ ਦੀ ਜਾਂਚ ਕਰਵਾਉਣ ਲਈ ਖੁਦ ਅੱਗੇ ਆਉਣ ਕਿਉਂਕਿ ਇਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਹਰ ਵਿਅਕਤੀ ਦੀ ਸੈਂਪਲਿੰਗ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਉਹ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਦੀ ਅਗਵਾਈ ਹੇਠ ਝੁਨੀਰ ਵਿਖੇ ਪਹੁੰਚੇ ਹੋਏ ਹਨ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਜ ਝੁਨੀਰ ਵਿਖੇ ਰੇਹੜੀ ਵਾਲਿਆਂ ਨੂੰ ਵੀ ਕੋਰੋਨਾ ਸੈਂਪਲਿੰਗ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਕਿਸੇ ਦੂਸਰੇ ਵਿਅਕਤੀ ਤੋਂ ਨਿਰਧਾਰਿਤ ਦੂਰੀ ਬਣਾਏ ਰੱਖਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਰੱਖਣ ਵਾਲੀਆਂ ਸਾਵਧਾਨੀਆਂ ਨਾਲ ਅਸੀਂ ਇਸ ਬਿਮਾਰੀ ਤੋਂ ਖੁਦ ਅਤੇ ਸਮਾਜ ਨੂੰ ਬਚਾ ਕੇ ਰੱਖ ਸਕਦੇ ਹਾਂ।