ਕੋਰੋਨਾ ਮਹਾਂਮਾਰੀ ਦੌਰਾਨ ਵੀ ਪਿੰਡ ਦੇ ਵਸਨੀਕਾਂ ਲਈ ਸਹਾਈ ਬਣੀ ਮਗਨਰੇਗਾ ਸਕੀਮ

0
21

ਮਾਨਸਾ, 09 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ)  : ਮਗਨਰੇਗਾ ਸਕੀਮ ਅਧੀਨ ਕੋਰੋਨਾ ਮਹਾਂਮਾਰੀ ਦੌਰਾਨ ਵੀ ਪਿੰਡ ਦੇ ਗਰੀਬ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਗਨਰੇਗਾ ਸਕੀਮ ਅਧੀਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਕੰਮ ਕਰਵਾਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜ਼ਿਲ੍ਹਾ ਮਾਨਸਾ ਵਿੱਚ ਵਿੱਤੀ ਸਾਲ 2020-21 ਦੌਰਾਨ ਹੁਣ ਤੱਕ 354307 ਦਿਹਾੜੀਆਂ ਪੈਦਾ ਕੀਤੀਆਂ ਜਾ ਚੁੱਕੀਆਂ ਹਨ ਅਤੇ 23699 ਘਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ‘ਤੇ ਲੱਗਭੱਗ 1154.00 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਹੁਣ 184 ਕੰਮ ਚੱਲ ਰਹੇ ਹਨ ਜਿਸ ਉੱਪਰ ਰੋਜ਼ਾਨਾ 5000 ਲੇਬਰ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਕੀਮ ਦਾ ਦਾਇਰਾ ਵਧਾਉਂਦੇ ਹੋਏ ਵੱਧ ਤੋਂ ਵੱਧ ਨਵੇਂ ਜਾਬ ਕਾਰਡ ਬਣਾਉਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਨੂੰ ਕੰਮ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਕੀਤਾ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਪਾਰਕਾਂ ਦੀ ਉਸਾਰੀ, ਖੇਡ ਮੈਦਾਨਾਂ ਦੀ ਉਸਾਰੀ, ਛੱਪੜਾਂ ਅਤੇ ਖਾਲਾਂ ਸਬੰਧੀ ਕੰਮ, ਵਿਅਕਤੀਗਤ ਕੰਮ, ਨਰਸਰੀਆਂ ਦੇ ਕੰਮ, ਸੋਕ ਪਿੱਟਾਂ ਦੀ ਉਸਾਰੀ ਅਤੇ ਠੋਸ ਕੂੜਾ ਪ੍ਰਬੰਧਨ ਦੇ ਕੰਮ ਵੱਧ ਤੋਂ ਵੱਧ ਲਏ ਜਾ ਰਹੇ ਹਨ ਤਾਂ ਜੋ ਪਿੰਡ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਪਿੰਡਾਂ ਨੂੰ ਸਾਫ ਸੂਥਰਾ ਰੱਖਿਆ ਜਾ ਸਕੇ।   

NO COMMENTS