ਮਾਨਸਾ, 01 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਕੋਰੋਨਾ ਵਾਇਰਸ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਏ ਰੱਖਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਸਬ-ਡਵੀਜ਼ਨ ਪੱਧਰ ‘ਤੇ ਕੀਤੇ ਜਾ ਰਹੇ ਕੰਮਾਂ ਬਾਰੇ ਸਬੰਧਤ ਐਸ.ਡੀ.ਐਮ. ਤੋਂ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਰਾਸ਼ਨ ਜਾਂ ਫੂਡ ਪੈਕੇਟਸ ਦੀ ਵੰਡ ਕੀਤੀ ਜਾ ਰਹੀ ਹੈ, ਉਹ ਯੋਗ ਲਾਭਪਤਾਰੀਆਂ ਤੇ ਲੋੜਵੰਦਾਂ ਤੱਕ ਹੀ ਪਹੁੰਚਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਲੋੜਵੰਦ ਪਰਿਵਾਰਾਂ ਜਾਂ ਵਿਅਕਤੀਆਂ ਦੀ ਲਿਸਟ ਤੁਹਾਡੇ ਕੋਲ ਹੋਣੀ ਚਾਹੀਦੀ ਹੈ ਅਤੇ ਉਸ ਮੁਤਾਬਿਕ ਹੀ ਫੂਡ ਪੈਕੇਟਾਂ ਅਤੇ ਰਾਸ਼ਨ ਵੰਡਣ ਦਾ ਕੰਮ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਮਾਨਸਾ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਚੌਕਸ ਰਹੇ ਅਤੇ ਬਾਹਰਲੇ ਦੇਸ਼ ਜਾਂ ਬਾਹਰਲੇ ਰਾਜਾਂ ਤੋਂ ਆਏ ਵਿਅਕਤੀਆਂ ਦੇ ਏਕਾਂਤਵਾਸ ਦੌਰਾਨ ਉਨ੍ਹਾਂ ‘ਤੇ ਪੂਰੀ ਨਿਗਰਾਨੀ ਰੱਖਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਤੋਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਇਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਅਤੇ ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ ਮੌਜੂਦ ਸਨ।