ਕੋਰੋਨਾ ਵਾਇਰਸ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਡਿਪਟੀ ਕਮਿਸ਼ਨਰ

0
35

ਮਾਨਸਾ, 9 ਮਾਰਚ  (ਸਾਰਾ ਯਹਾਂ /ਮੁੱਖ ਸੰਪਾਦਕ): ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਕੋਵਿਡ ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ ‘ਤੇ ਟੈਸਟਿੰਗ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਰੱਖਦੇ ਹੋਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੈਸਟਿੰਗ ਦੇ ਦਾਇਰੇ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਲੱਛਣ ਸਾਹਮਣੇ ਆਉਣ ‘ਤੇ ਆਪਣੀ ਫੌਰੀ ਮੈਡੀਕਲ ਜਾਂਚ ਕਰਵਾਈ ਜਾਵੇ ਤਾਂ ਜੋ ਕੋਰੋਨਾ ਪਾਜ਼ੀਟਿਵ ਪਾਏ ਜਾਣ ‘ਤੇ ਮੁਢਲੇ ਪੜਾਅ ਵਿੱਚ ਹੀ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਢੁਕਵੇਂ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 1  ਲੱਖ 9 ਹਜ਼ਾਰ 242 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 2537 ਨਾਗਰਿਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ ਇਨ੍ਹਾਂ ਵਿੱਚੋਂ 2443 ਨਾਗਰਿਕ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਸਮਾਜ ਵਿੱਚ ਤੰਦਰੁਸਤ ਨਾਗਰਿਕ ਵਜੋਂ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਕਾਰਨ 55 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਮੌਜੁਦਾ ਸਮੇਂ ਵਿੱਚ ਕੋਰੋਨਾ ਦੇ 39 ਮਾਮਲੇ ਐਕਟਿਵ ਹਨ ਜਿਸ ਦੇ ਮੱਦੇਨਜ਼ਰ ਸਿਹਤ ਸਾਵਧਾਨੀਆਂ ਦੀ ਪਾਲਣਾ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਕੋਵਿਡ ਦੀ ਰੋਕਥਾਮ ਸਬੰਧੀ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ।

NO COMMENTS