
ਮਾਨਸਾ, 14 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਤੋਂ ਬਾਹਰ ਨਿਕਲਣ ਸਮੇਂ ਉਹ ਮਾਸਕ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਬਜ਼ਾਰ ਵਿੱਚ ਸਮਾਨ ਲੈਣ ਲਈ ਜਾਂਦਾ ਹੈ ਤਾਂ ਉਹ ਜ਼ਰੂਰ ਮਾਸਕ ਨਾਲ ਆਪਣਾ ਮੂੰਹ ਅਤੇ ਨੱਕ ਢੱਕ ਕੇ ਰੱਖਣ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ ਅਤੇ ਆਪਣੇ ਹੱਥਾਂ ਨੂੰ ਸਾਫ਼ ਰੱਖਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਇਸ ਵਾਇਰਸ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਰੱਖਣ ਲਈ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਹੇ ਉਹ ਦੁਕਾਨਦਾਰ ਹੋਵੇ, ਗ੍ਰਾਹਕ ਜਾਂ ਕੋਈ ਵੀ ਰੇਹੜੀ ਵਾਲਾ ਹੋਵੇ, ਸਭ ਲਈ ਮਾਸਕ ਦੀ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬਿਨ੍ਹਾਂ ਮਾਸਕ ਤੋਂ ਬਜ਼ਾਰ ਵਿੱਚ ਜਾਂ ਜਨਤਕ ਥਾਵਾਂ ’ਤੇ ਪਾਇਆ ਜਾਂਦਾ ਹੈ, ਤਾਂ ਉਸ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਵਾਸੀ ਇਸ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
