ਮਾਨਸਾ, 19 ਮਾਰਚ(ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਤੋਂ ਲੋਕਾਂ ਨੂੰ ਜਾਗਰੂਕ ਕਰਵਾਉਣ ਵਿੱਚ ਮੀਡੀਆ ਆਪਣਾ ਅਹਿਮ ਰੋਲ ਅਦਾ ਕਰ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੀਡੀਆ ਦੇ ਮਾਧਿਅਮ ਨਾਲ ਲੋਕਾਂ ਨੂੰ ਜਲਦੀ ਅਤੇ ਦੂਰ-ਦੂਰ ਤੱਕ ਜਾਗਰੂਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਅਸਾਨੀ ਨਾਲ ਫੈਲ ਸਕਦਾ ਹੈ ਇਸ ਲਈ ਲੋਕ ਕੁਝ ਸਾਵਧਾਨੀਆਂ ਵਰਤ ਕੇ ਇਸ ਭਿਆਨਕ ਬਿਮਾਰੀ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਇੱਕ ਦੂਸਰੇ ਨਾਲ ਹੱਥ ਨਾ ਮਿਲਾਉਣ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋਕਾਂ ਨੂੰ ਆਪਣੇ ਅਖ਼ਬਾਰ ਜਾਂ ਚੈਨਲ ਦੇ ਮਾਧਿਅਮ ਨਾਲ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸੁੱਕੀ ਖੰਘ, ਤੇਜ਼ ਬੁਖ਼ਾਰ, ਜੋੜਾ ‘ਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼ ਇਸਦੇ ਲੱਛਣ ਹਨ ਅਤੇ ਜੇਕਰ ਕੋਈ ਵਿਅਕਤੀ ਇਸ ਨਾਲ ਪੀੜਤ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸਨੂੰ ਨਜ਼ਦੀਕ ਦੇ ਸਰਕਾਰੀ ਹਸਪਤਾਲ ਵਿਖੇ ਚੈਕਅੱਪ ਲਈ ਲਿਜਾਣਾ ਚਾਹੀਦਾ ਹੈ। ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਲੋਕਾਂ ਦੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਧਾਰਮਿਕ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਲੱਗਣ ਵਾਲੇ ਮੇਲਿਆਂ ਦਾ ਮਿਤੀ ਅੱਗੇ ਵਧਾਉਣ ਲਈ ਕਿਹਾ ਜਿਸ ‘ਤੇ ਧਾਰਮਿਕ ਆਗੂਆਂ ਵੱਲੋਂ ਵੀ ਆਪਣੀ ਹਾਮੀ ਭਰੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਮੰਡੀਆਂ ਵਿੱਚ ਸਬਜ਼ੀਆਂ ਲੈਣ ਲਈ ਨਾ ਜਾਣ। ਉਨ੍ਹਾਂ ਕਿਹਾ ਕਿ ਰੇਹੜੀ ਵਾਲਿਆਂ ਵੱਲੋਂ ਗਲੀ-ਗਲੀ ਸਬਜ਼ੀ ਵੇਚਣ ਲਈ ਫੇਰੇ ਲਗਾਏ ਜਾਣਗੇ, ਉਨ੍ਹਾਂ ਤੋਂ ਹੀ ਸਬਜ਼ੀ ਖਰੀਦ ਕੀਤੀ ਜਾਵੇ, ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਭੀੜ ਇੱਕਠੀ ਨਾ ਹੋ ਸਕੇ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ ਵੱਲੋਂ ਵੀ ਕੋਰੋਨਾ ਵਾਇਰਸ ਦੇ ਲੱਛਣਾਂ, ਉਨ੍ਹਾਂ ਤੋਂ ਬਚਾਅ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੱਤਰਕਾਰਾਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਦਿਨ ਵਿੱਚ ਕਈ ਵਾਰ ਸਾਬਣ ਨਾਲ 20 ਸਕਿੰਡ ਤੱਕ ਚੰਗੀ ਤਰ੍ਹਾਂ ਹੱਥਾਂ ਨੂੰ ਧੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਖਾਂਸੀ ਜਾਂ ਛਿੱਕ ਆਉਂਦੀ ਹੈ ਤਾਂ ਬਜਾਏ ਹੱਥਾਂ ਨਾਲ ਮੂੰਹ ਢੱਕਣ ਦੇ ਕੁਹਣੀ ਵਾਲੇ ਪਾਸੇ ਨੂੰ ਮੂੰਹ ਕਰਕੇ ਖਾਂਸੀ ਜਾਂ ਛਿੱਕ ਕੀਤੀ ਜਾ ਸਕਦੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਬੈਕਟੀਰੀਆ ਜਾਂ ਵਾਇਰਸ ਦੂਸਰੇ ਵਿਅਕਤੀ ਦੇ ਸੰਪਰਕ ਵਿੱਚ ਨਾ ਆਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵੀ ਸਮੇਂ-ਸਮੇਂ ਰੋਜ਼ਾਨਾ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।