ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਮਾਨਸਾ ਦਾ ਪ੍ਰਸ਼ਾਸਨ ਹੋਇਆ ਸਖ਼ਤ ਤੁਰੰਤ ਪੁਲਿਸ ਕੇਸ ਦਰਜ ਕਰਨ ਦੇ ਆਦੇਸ਼

0
504

ਮਾਨਸਾ, 17,ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਵੱਲੋਂ ਅੱਜ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਕੋਵਿਡ ਦੀ ਰੋਕਥਾਮ ਬੇਹੱਦ ਜ਼ਰੂਰੀ ਹੈ ਅਤੇ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਜਾਰੀ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਐਕਟਿਵ ਕੇਸਾਂ ਦੀ ਰੋਜ਼ਾਨਾ ਦੇ ਆਧਾਰ ‘ਤੇ ਨਿਗਰਾਨੀ ਕੀਤੀ ਜਾਵੇ ਅਤੇ ਜੇਕਰ ਕੋਈ ਵੀ ਕੋਵਿਡ ਪਾਜ਼ੀਟਿਵ ਵਿਅਕਤੀ ਘਰੇਲੂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਤੁਰੰਤ ਪੁਲਿਸ ਕੇਸ ਦਰਜ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਤੇਜ਼ੀ ਨਾਲ ਇੱਕ ਸੰਕਰਮਿਤ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲਦਾ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਸਲਾਹਾਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜਿਹੜੇ ਨਾਗਰਿਕ ਇਸ ਵੇਲੇ ਕੋਵਿਡ ਪਾਜ਼ੀਟਿਵ ਹਨ, ਉਨ੍ਹਾਂ ਦੀ ਘਰਾਂ ਵਿੱਚ ਹੀ ਸਿਹਤ ਸਲਾਹਾਂ ਦੀ ਪਾਲਣਾ ਨਾਲ ਮੌਜੂਦਗੀ ਯਕੀਨੀ ਬਣਾਉਣ ਲਈ ਅਚਨਚੇਤ ਜਾਂਚ ਕੀਤੀ ਜਾਵੇਗੀ ਅਤੇ ਇਸ ਜਾਂਚ ਨੂੰ ਅਮਲ ਵਿੱਚ ਲਿਆਉਣ ਲਈ ਤਿੰਨ ਪੱਧਰ ‘ਤੇ ਨਿਗਰਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਨਿਗਰਾਨੀ ਦੇ ਪੜਾਅ ‘ਤੇ ਵੀ ਕੋਈ ਸੂਚਨਾ ਝੂਠੀ ਪਾਈ ਜਾਂਦੀ ਹੈ ਤਾਂ ਨਿਗਰਾਨ ‘ਤੇ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਸੈਂਪਲਾਂ ਦੀ ਗਿਣਤੀ ਵਧਾ ਦਿੱਤੀ ਜਾਵੇ ਅਤੇ ਕੰਟੈਕਟ ਟਰੇਸਿੰਗ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਮਾਨਸਾ ਦੇ ਨਾਗਰਿਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਹੜੇ ਵਾਰਡਾਂ, ਕਲੋਨੀਆਂ ਜਾਂ ਪਿੰਡਾਂ ਵਿੱਚ ਮਾਈਕਰੋ ਕੰਟੇਨਮੈਂਟ ਜੋਨ ਸਥਾਪਤ ਕੀਤੇ ਜਾਂਦੇ ਹਨ ਉਥੇ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵਾਇਰਸ ਦੇ ਕਿਸੇ ਵੀ ਤਰ੍ਹਾਂ ਦੇ ਪਾਸਾਰ ਨੂੰ ਰੋਕਿਆ ਜਾ ਸਕੇ।


ਮੀਟਿੰਗ ਦੌਰਾਨ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ, ਟਰੈਫਿਕ ਪੁਲਿਸ ਸਮੇਤ ਹੋਰ ਟੀਮਾਂ ਨੂੰ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਵਾਹਨਾਂ ਦੀ ਨਿਰੰਤਰ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਮਾਸਕ ਤੋਂ ਵਾਂਝਾ ਪਾਇਆ ਗਿਆ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮਾਸਕਾਂ ਦੀ ਜਾਂਚ ਸਬੰਧੀ ਪ੍ਰਕਿਰਿਆ ਭਾਵੇਂ ਪਹਿਲਾਂ ਤੋਂ ਹੀ ਜਾਰੀ ਹੈ ਪਰ ਹੁਣ ਇਸ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਐਸ.ਐਸ.ਪੀ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਕੋਵਿਡ ਪਾਜ਼ੀਟਿਵ ਵਿਅਕਤੀ ਘਰੇਲੂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਵੇ ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਦੇ ਹੈਲਪਲਾਈਨ ਨੰਬਰ 112 ‘ਤੇ ਦਿੱਤੀ ਜਾਵੇ ਤਾਂ ਜੋ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡੀ.ਐਸ.ਪੀ ਸਰਬਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਐਪੀਡੋਮੋਲਿਜਸਟ ਸੰਤੋਸ਼ ਭਾਰਤੀ, ਵਿਕਾਸ ਫੈਲੋ ਵਿਸ਼ਨੂ ਵੀ ਹਾਜ਼ਰ ਸਨ।I/158034/2021  

LEAVE A REPLY

Please enter your comment!
Please enter your name here