ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਮੰਗ

0
31

ਚੰਡੀਗੜ, 14 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਾਧਾ ਯਕੀਨੀ ਬਣਾਏਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਪੇਟ ਨਾ ਸੌਣ ਅਤੇ ਉਨਾਂ ਨੂੰ ਆਪਣਾ ਗੁਜ਼ਾਰਾ ਕਰਨ ਦੇ ਯੋਗ ਵੀ ਬਣਾਇਆ ਜਾ ਸਕੇਗਾ।
ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਸ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਹਿਲੇ ਐਲਾਨ ਨਾਲ ਕੋਵਿਡ ਦੇ ਔਖੇ ਸਮਿਆਂ ਦੌਰਾਨ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਨੂੰ ਹੋਏ ਵੱਡੇ ਲਾਭ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨਾਲ ਨਾ ਸਿਰਫ ਮੁਲਕ ਦੇ ਅਰਥਚਾਰੇ ਦੀ ਰਫ਼ਤਾਰ ਮੱਠੀ ਪਈ ਸਗੋਂ ਲੋਕਾਂ ਦੀ ਆਮਦਨ ਅਤੇ ਬੱਚਤ ਵਿੱਚ ਵੀ ਵੱਡੀ ਕਮੀ ਆਈ ਹੈ।
ਇਸ ਲਾਭ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲੌਕਡਾੳੂਨ ਨੂੰ ਲਗਪਗ ਤਿੰਨ ਮਹੀਨੇ ਹੋ ਚੱਲੇ ਹਨ ਅਤੇ ਪੰਜਾਬ ਵਿੱਚ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਜਾਣ ਤੋਂ ਬਾਅਦ ਵੀ ਲੋਕਾਂ ਖਾਸ ਕਰਕੇ ਗਰੀਬਾਂ ਦੀ ਆਰਥਿਕ ਸਥਿਤੀ ’ਚ ਬਹੁਤਾ ਸੁਧਾਰ ਨਹੀਂ ਹੋਇਆ। ਉਨਾਂ ਦੱਸਿਆ ਕਿ ਸੂਬੇ ਵਿੱਚ 2.60 ਲੱਖ ਉਦਯੋਗਿਕ ਯੂਨਿਟਾਂ ਵਿੱਚੋਂ 2.32 ਲੱਖ ਤੋਂ ਵੱਧ ਯੂਨਿਟ ਚਾਲੂ ਹੋ ਗਏ ਹਨ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਤਨਖਾਹਾਂ ਦਾ ਘਾਟਾ ਪੈ ਜਾਣ ਕਰਕੇ ਲੋਕਾਂ ਖਾਸ ਕਰਕੇ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਦੀ ਖਰੀਦ ਸ਼ਕਤੀ ਨੂੰ ਬੁਰੀ ਤਰਾਂ ਖੋਰਾ ਲੱਗਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਦੇਣ ਨਾਲ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਅੱਗੇ ਲੌਕਡਾੳੂਨ ਅਤੇ ਬੰਦਿਸ਼ਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਿੱਚ ਛੇ ਮਹੀਨੇ ਦਾ ਵਾਧਾ ਕਰਨ ਨਾਲ ਇਸ ਔਖੀ ਘੜੀ ਵਿੱਚ ਐਨ.ਐਫ.ਐਸ.ਏ. ਦੇ ਲੋੜਵੰਦ ਲਾਭਪਾਤਰੀਆਂ ਨੂੰ ਬਹੁਤ ਮਦਦ ਮਿਲੇਗੀ।
——

NO COMMENTS