
ਮਾਨਸਾ, 26 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਦੀਆਂ ਤਿੰਨੇ ਸਬ ਡਵੀਜ਼ਨਾਂ ਦੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਨਾਗਰਿਕਾਂ ਵਿੱਚ ਵੱਡਾ ਉਤਸ਼ਾਹ ਨਜ਼ਰ ਆ ਰਿਹਾ ਹੈ। ਸਵੇਰ ਤੋਂ ਸ਼ਾਮ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰਾਂ ਵਿਚ ਕੌਂਸਲਰਾਂ ਅਤੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਆਯੋਜਨ ਕਰ ਰਹੀਆਂ ਹਨ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਰਬਜੀਤ ਕੌਰ ਦੀ ਅਗਵਾਈ ਹੇਠ ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡਾਂ ਵਿੱਚ ਸਬੰਧਤ ਵਿਭਾਗ ਕਾਫ਼ੀ ਸਰਗਰਮ ਹਨ ਅਤੇ ਕੈਂਪਾਂ ਦੇ

ਆਯੋਜਨ ਤੋਂ ਪਹਿਲਾਂ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਜਾ ਕੇ ਲੋਕਾਂ ਨੂੰ ਸੈਂਪਲਿੰਗ ਤੇ ਟੀਕਾਕਰਨ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੁਢਲਾਡਾ ਵਿੱਚ ਉਪ ਮੰਡਲ ਮੈਜਿਸਟਰੇਟ ਸ੍ਰੀ ਸਾਗਰ ਸੇਤੀਆ ਵੀ ਦਿਹਾਤੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਿਕ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਿਥੇ ਅਧਿਕਾਰੀ ਸਰਗਰਮ ਰਹਿਣ

ਉਥੇ ਹੀ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਅੱਜ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟਰੇਟਾਂ, ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਸਮੀਖਿਆ ਮੀਟਿੰਗ ਕੀਤੀ ਅਤੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਦੀ ਸੰਭਾਲ ਪ੍ਰਤੀ ਅਵੇਸਲੇ ਨਹੀਂ ਹੋਣਾ ਚਾਹੀਦਾ ਅਤੇ ਕੋਈ ਵੀ ਲੱਛਣ ਸਾਹਮਣੇ ਆਉਂਦੇ ਹੀ ਨੇੜਲੇ ਸਿਹਤ ਕੇਂਦਰ ਵਿਚ ਪਹੁੰਚ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਪੱਧਰ ਉੱਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ,

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ ਦੀਆਂ ਟੀਮਾਂ ਆਦਿ ਵੱਲੋਂ ਕੈਂਪਾਂ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੋਰ ਵੀ ਤਨਦੇਹੀ ਨਾਲ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ 45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ।
