ਮਾਨਸਾ, 12 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸ਼ਿਲਪਾ ਦੇ ਯਤਨਾਂ ਸਦਕਾ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੇ ਅਹੁਦੇਦਾਰ ਸ਼੍ਰੀ ਤਰਸੇਮ ਸੇਮੀ, ਸਟੇਟ ਬੈਂਕ ਆਫ ਇੰਡੀਆ ਦੇ ਮੈਨੇਜਰ ਸ਼੍ਰੀ ਰਾਕੇਸ਼ ਕੁਮਾਰ ਅਤੇ ਗੁਰਦਰਸ਼ਨ ਸਿੰਘ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਮਾਨਸਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਆਉਣ ਵਾਲੇ ਵਿਅਕਤੀਆਂ ਨੂੰ ਕੋਵਿਡ-19 ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਮਾਸਕਾਂ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਡਬਲਯੂ. ਐਚ. ਓ ਲਗਾਤਾਰ ਕੋਵਿਡ-19 ਦੀ ਤੀਸਰੀ ਲਹਿਰ ਆਉਣ ਸਬੰਧੀ ਜਾਣਕਾਰੀ ਦੇ ਰਿਹਾ ਹੈ ਉਸੇ ਤਰ੍ਹਾਂ ਮਾਨਸਾ ਅਦਾਲਤ ਦੇ ਜੱਜ ਸਾਹਿਬਾਨ ਵੀ ਆਪਣਾ ਯੋਗਦਾਨ ਪਾ ਕੇ ਨਵੀਂ ਪਹਿਲਕਦਮੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਪ੍ਰਕੋਪ ਤੋਂ ਬਚਣ ਲਈ ਹਰੇਕ ਵਿਅਕਤੀ ਦਾ ਮਾਸਕ ਪਾਉਣਾ ਲਾਜ਼ਮੀ ਹੈ। ਉਨ੍ਹਾਂ ਕੋਰਟ ਕੰਪਲੈਕਸ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਾਸਕ ਲਗਾ ਕੇ ਆਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਗੁਰਦਰਸ਼ਨ ਸਿੰਘ ਵੱਲੋਂ ਕੱਪੜੇ ਦੇ ਥੈਲੇ ਵੰਡ ਕੇ ਲੋਕਾਂ ਨੂੰ ਪਲਾਸਟਿਕ ਦਾ ਪ੍ਰਯੋਗ ਬੰਦ ਕਰਨ ਦੀ ਅਪੀਲ ਕੀਤੀ ਗਈ। ਇਸ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਨੇ ਪਲਾਸਟਿਕ ਦੇ ਪ੍ਰਯੋਗ ਨਾਲ ਵਾਤਾਵਰਨ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸੰਖੇਪ ਵਿੱਚ ਭਾਸ਼ਣ ਦਿੱਤਾ ਅਤੇ ਵਾਤਾਵਰਨ ਨੂੰ ਬਚਾਉਣ ਅਤੇ ਆਪਣਾ ਬੱਚਿਆਂ ਦਾ ਭਵਿੱਖ ਬਿਹਤਰ ਬਣਾਉਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਪਣੀ ਸਕਿਊਰਟੀ ਵਿੱਚ ਨਿਯੁਕਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਵਿਅਕਤੀ ਕੋਰਟ ਕੰਪਲੈਕਸ ਵਿਖੇ ਮਾਸਕ ਪਾ ਕੇ ਜ਼ਰੂਰ ਆਵੇ