ਕੋਵਿਡ-19: ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ

0
18

ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ)14 ਮਾਰਚ: ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਵਚਨਬੱਧ ਅਤੇ ਗੰਭੀਰ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਕੋਵਿਡ-19 ਬਾਰੇ ਚੁੱਕੇ ਕਦਮਾਂ ਬਾਰੇ ਕੈਬਨਿਟ ਸਕੱਤਰ ਨੂੰ ਜਾਣੂੰ ਕਰਵਾਇਆ ਅਤੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਹੋਰ ਫੰਡਾਂ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਕੋਵਿਡ-19 ਸਬੰਧੀ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਕਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਹਾਂ ਅਤੇ ਝੂਠੇ ਸੁਨੇਹਿਆਂ ਤੋਂ ਬਚਿਆ ਜਾਵੇ ਜੋ ਕਿ ਖਾਸ ਤੌਰ ‘ਤੇ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ। ਉਨ੍ਹਾਂ ਮੀਡੀਆ ਨੂੰ ਵੀ ਸੰਜਮ ਅਤੇ ਸਨਸਨੀ ਰਹਿਤ ਰਿਪੋਰਟਿੰਗ ਕਰਨ ਦੀ ਅਪੀਲ ਕੀਤੀ। ਕਾਬਿਲੇਗੌਰ ਹੈ ਕਿ ਹੇਠਲੇ ਪੱਧਰ ਤੱਕ ਕਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।  
ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਪ੍ਰਸ਼ਾਸਕੀ ਸੁਧਾਰ) ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਸੰਜੇ ਕੁਮਾਰ, ਪ੍ਰਮੁੱਖ ਸਕੱਤਰ (ਜੇਲ੍ਹਾਂ) ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ (ਸਿਹਤ) ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਖੁਰਾਕ ਤੇ ਸਿਵਲ ਸਪਲਾਈ) ਕੇ.ਏ.ਪੀ. ਸਿਨ੍ਹਾ, ਪ੍ਰਮੁੱਖ ਸਕੱਤਰ (ਟਰਾਂਸਪੋਰਟ) ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਡੀ.ਕੇ. ਤਿਵਾੜੀ, ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਤੇ ਮਨਵੇਸ਼ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ, ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਕੇ. ਸਿਨ੍ਹਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here