ਕੋਵਿਡ-19 ਮਹਾਂਮਾਰੀ ਤੋਂ ਉਭਾਰਨ ਲਈ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

0
55

ਚੰਡੀਗੜ, 19 ਮਈ  (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆਂ ਵਿੱਚ ਆਰਥਿਕ ਤੌਰ ’ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਉਨਾਂ ਕਿਹਾ ਕਿ ਇਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜ਼ਗਾਰ ਤੋਂ ਵਾਂਝੇ ਹੋ ਗਏ ਹਨ ਅਤੇ ਗ਼ਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ।
 ਸ੍ਰੀ ਸੂਦ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਨੂੰ ਆਪੋਂ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ ਆਪਣਾ ਰੁਜਗਾਰ ਸਥਾਪਤ ਕਰਨ ਲਈ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਨਾਂ ਲਾਭਪਾਤਰੀਆਂ ਨੂੰ ਆਉਣ ਵਾਲੇ ਕੁੱਝ ਦਿਨਾਂ ਵਿੱਚ ਆਪੋਂ ਆਪਣਾ ਕਾਰੋਬਾਰ ਸ਼ਰੂ ਕਰਨ ਲਈ ਲੱਗਭਗ 8 ਤੋਂ 9 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਸ੍ਰੀ ਸੂਦ ਨੇ ਕਾਰਪੋਰੇਸ਼ਨ ਦੀ ਇਸ ਪਹਿਲਕਦਮੀ ਮਹਾਮਾਰੀ ਦੇ ਸੰਕਟ ਦੇ ਸਮੇਂ ਵਿੱਚ ਇੱਕ ਰਾਹਤ ਦੇਣ ਵਾਲੀ ਕਾਰਵਾਈ ਦੱਸਿਆ ਹੈ।
ਸ੍ਰੀ ਸੂਦ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸ਼ਨ ਵੱਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ, ਜਿਨਾਂ ਵਿੱਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨਾਂ ਕਿਹਾ ਕਿ ਮਾਰਚ, 2020 ’ਚ ਕਰੋਨਾ ਕਾਰਨ ਲਗਾਏ ਲੌਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ, ਉਨਾਂ ਦੀ ਵੰਡ ਜਲਦੀ ਹੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਬਕਾਇਆ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਚੇਅਰਮੈਨ ਵਲੋਂ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਪ੍ਰਸ਼ੰਸਾ ਕੀਤੀ। ਵਰਣਨਯੋਗ ਹੈ ਕਿ ਕਾਰਪੋਰੇਸ਼ਨ ਦੇ ਸਮੁੱਚੇ ਸਟਾਫ ਵੱਲੋਂ ਕਰੋਨਾ ਮਹਾਂਮਾਰੀ ਦੇ ਔਖੇ ਸਮੇਂ ਵਿੱਚ ਵੀ ਯੋਧਿਆਂ ਵਾਂਗ ਕੰਮ ਕੀਤਾ ਤੇ ਆਪਣੀ ਇੱਕ ਦਿਨ ਦੀ ਤਨਖਾਹ ਦਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਦਿੱਤਾ।

NO COMMENTS