ਕੋਵਿਡ-19 ਵਿਰੁੱਧ ਲੜਾਈ ’ਚ ਰਾਧਾ ਸੁਆਮੀ ਸਤਿਸੰਗ ਬਿਆਸ ਅਤੇ ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀਆਂ ਵੱਲੋਂ ਮੁੱਖ ਮੰਤਰੀ ਨੂੰ ਸਤਿਸੰਗ ਘਰ ਤੇ ਨਿਰੰਕਾਰੀ ਭਵਨ ਵਰਤਣ ਦੀ ਪੇਸ਼ਕਸ਼

0
424

ਚੰਡੀਗੜ,(ਸਾਰਾ ਯਹਾ, ਬਲਜੀਤ ਸ਼ਰਮਾ) 24 ਮਾਰਚ: ਮਾਨਵੀ ਸਨੇਹ ਵਜੋਂ ਰਾਧਾ ਸੁਆਮੀ ਸਤਿਸੰਗ ਬਿਆਸ ਅਤੇ ਸੰਤ ਨਿਰੰਕਾਰੀ ਮਿਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਵਿਡ ਵਿਰੁੱਧ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਲੜਾਈ ਵਿਰੁੱਧ ਪੰਜਾਬ ’ਚ ਸਥਿਤ ਆਪਣੇ ਸਤਿਸੰਗ ਘਰ ਅਤੇ ਨਿਰੰਕਾਰੀ ਭਵਨ ਵਰਤਣ ਦੀ ਪੇਸ਼ਕਸ਼ ਕੀਤੀ ਹੈ।
ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸੂਬਾ ਸਰਕਾਰ ਵੱਲ ਮਦਦ ਲਈ ਹੱਥ ਵਧਾਉਂਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਫੋਨ ਕਰ ਕੇ ਸੂਬੇ ਵਿੱਚ ਸਥਿਤ ਸਤਿਸੰਗ ਘਰਾਂ ਦੀ ਵਰਤੋਂ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਆਪਣੇ ਫੀਲਡ ਯੂਨਿਟਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸੇ ਤਰਾਂ ਸੰਤ ਨਿਰੰਕਾਰੀ ਮਿਸ਼ਨ ਦੇ ਮੁਖੀ ਸ੍ਰੀ ਗੋਬਿੰਦ ਸਿੰਘ ਜੋ ਭਾਈਆ ਜੀ ਦੇ ਨਾਂ ਨਾਲ ਜਾਣੇ ਜਾਂਦੇ ਹਨ, ਨੇ ਵੀ ਕਰੋਨਾ ਵਾਇਰਸ ਵਿਰੁੱਧ ਛੇੜੀ ਜੰਗ ਪ੍ਰਤੀ ਮਦਦ ਲਈ ਅੱਗੇ ਆਉਂਦਿਆਂ ਨਿਰੰਕਾਰੀ ਭਵਨਾਂ ਅਤੇ ਉੱਥੋਂ ਦੀਆਂ ਸਹੂਲਤਾਂ ਵਰਤਣ ਦੀ ਪੇਸ਼ਕਸ਼ ਕੀਤੀ ਹੈ। ਉਨਾਂ ਨੇ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਆਪਣੇ ਵਲੰਟੀਅਰਾਂ ਦੀਆਂ ਸੇਵਾਵਾਂ ਦੇਣ ਦੀ ਵੀ ਪੇਸ਼ਕਸ਼ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਭਵਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੰਸਥਾਵਾਂ ਦੇ ਆਗੂਆਂ ਵੱਲੋਂ ਮਦਦ ਦੀ ਪੇਸ਼ਕਸ਼ ਦੇ ਰੂਪ ਵਿੱਚ ਦਿਖਾਏ ਸਨੇਹ ਦੀ ਭਰਵੀਂ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਇਸ ਨਾਜ਼ੁਕ ਘੜੀ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਦੋਵਾਂ ਆਗੂਆਂ ਦਾ ਧੰਨਵਾਦ ਕੀਤਾ।

NO COMMENTS