ਮਾਨਸਾ, 10 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ): ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ਵੱਲੋਂ ਭੇਜੀ ਕੌਮੀ ਪੱਧਰ ਦੀ ਜਾਂਚ ਟੀਮ ਵੱਲੋਂ ਕੇਂਦਰੀ ਪ੍ਰਯੋਜਿਤ ਸਕੀਮਾਂ ਦਾ ਹਰ ਸਾਲ ਨਿਰੀਖਣ ਕੀਤਾ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਹੋਏ ਕੇਂਦਰ ਪ੍ਰਯੋਜਿਤ ਕੰਮਾਂ ਦੀ ਜਾਂਚ ਲਈ ਵਿਸ਼ੇਸ਼ ਟੀਮ ਨੇ ਦੌਰਾ ਕੀਤਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਨੇ ਦਿੱਤੀ।
ਇਸ ਮੌਕੇ ਜਾਂਚ ਟੀਮ ਵੱਲੋਂ ਕੇਂਦਰੀ ਪ੍ਰਯੋਜਿਤ ਸਕੀਮਾਂ ਦਾ ਰਿਕਾਰਡ ਘੋਖਿਆ ਗਿਆ ਅਤੇ ਵੱਖ-ਵੱਖ ਲਾਭਪਾਤਰੀਆਂ ਨਾਲ ਗੱਲ ਬਾਤ ਕਰਦਿਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਟੀਮ ਵੱਲੋਂ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ ਕੀਤੇ ਗਏ ਕੰਮਾਂ, ਕੰਮ ਸਬੰਧੀ ਫਾਈਲਾਂ, 7 ਰਜਿਸਟਰਾਂ ਆਦਿ ਨੂੰ ਚੈਕ ਕੀਤਾ ਗਿਆ ਅਤੇ ਚੈਕਿੰਗ ਉਪਰੰਤ ਉਹਨਾਂ ਵੱਲੋਂ ਰਿਕਾਰਡ ਦੇ ਰੱਖ ਰਖਾਵ ਅਤੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਸ਼ਲਾਘਾ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਟੀਮ ਵੱਲੋਂ ਜ਼ਿਲ੍ਹਾ ਮਾਨਸਾ ਦੇ 10 ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਪ੍ਰਧਾਨ ਮੰਤਰੀ ਅਵਾਸ ਯੋਜਨਾ, ਪ੍ਰਧਾਨ ਮੰਤਰੀ ਸੜ੍ਹਕ ਯੋਜਨਾ ਅਤੇ ਪੀ.ਐਸ.ਆਰ.ਐਲ.ਐਮ. ਸਕੀਮਾਂ ਨੂੰ ਵੀ ਸੁਚਾਰੂ ਢੰਗ ਨਾਲ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਕਿਹਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਅਤੇ ਮਗਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਦੇ ਹੋਏ ਵੱਧ ਤੋਂ ਵੱਧ ਕੰਮ ਦੀ ਮੰਗ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਹਰ ਕੰਮ ਲਈ ਸੀ.ਆਈ.ਬੀ. ੳਪਲੱਬਧ ਕਰਵਾਉਣ, ਜੋਬ ਕਾਰਡ ਧਾਰਕਾਂ ਦੀਆਂ ਐਂਟਰੀਆਂ ਅਪਡੇਟ ਕਰਨ ਅਤੇ ਵੱਖ-ਵੱਖ ਸਕੀਮਾਂ ਨੂੰ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।