*ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਵਿਸ਼ਵ ਭੂਮੀ ਦਿਵਸ’ ਮੌਕੇ ਕਿਸਾਨਾਂ ਨੂੰ ਭੂਮੀ ਦੀ ਮਹੱਤਤਾ ਤੇ ਸੁਧਾਰ ਬਾਰੇ ਜਾਗਰੂਕ ਕੀਤਾ*

0
7

ਮਾਨਸਾ, 06 ਦਸੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਡਿਪਟੀ ਡਾਇਰੈਕਟਰ ਟ੍ਰੇਨਿੰਗ, ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਉਣ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ “ਵਿਸ਼ਵ ਭੂਮੀ ਦਿਵਸ” ਮਨਾਇਆ ਗਿਆ, ਜਿੱਥੇ 55 ਕਿਸਾਨ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਰਜਿੰਦਰ ਕੌਰ ਸਿੱਧੂ, ਸਹਾਇਕ ਪ੍ਰੋਫੈਸਰ, ਗ੍ਰਹਿ ਵਿਗਿਆਨ ਨੇ ਕਿਸਾਨਾਂ ਨੂੰ ਭੂਮੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਭੂਮੀ ਨਾ ਸਿਰਫ਼ ਫ਼ਸਲਾਂ ਨੂੰ ਉਗਾਉਣ ਲਈ ਬੁਨਿਆਦੀ ਢਾਂਚੇ ਵਜੋਂ ਕੰਮ ਆਉਂਦੀ ਹੈ ਬਲਕਿ ਸੂਖ਼ਮ ਜੀਵਾਂ ਦਾ ਰਹਿਣ ਬਸੇਰਾ ਵੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਾਨੂੰ ਭੂਮੀ ਦੀ ਸਾਂਭ ਸੰਭਾਲ ਕਰਨ ਦੀ ਬਹੁਤ ਲੋੜ ਹੈ ਤਾਂ ਕਿ ਧਰਤੀ ਉੱਤੇ ਜੀਵਨ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਿਆ ਜਾ ਸਕੇ।
ਸਹਾਇਕ ਪ੍ਰੋਫੈਸਰ, ਭੂਮੀ ਅਤੇ ਜਲ ਇੰਜਨੀਰਿੰਗ, ਇੰਜ. ਅਲੋਕ ਗੁਪਤਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਭੂਮੀ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਦੇ ਨਾਲ ਮਿੱਟੀ ਵਿੱਚ ਮੌਜੂਦ ਤੱਤ ਅਤੇ ਸਖੂਮ ਜੀਵ ਨਸ਼ਟ ਹੋ ਜਾਂਦੇ ਹਨ ਜਦਕਿ ਪਰਾਲੀ ਨੂੰ ਮਿੱਟੀ ਵਿੱਚ ਮਿਲਾਉਣ ਨਾਲ ਮਿੱਟੀ ਦੀ ਬਣਤਰ ਅਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ਼ ਕਰਵਾਉਣ ਬਾਰੇ ਪ੍ਰੇਰਦਿਆਂ ਕਿਹਾ ਕਿ ਮਿੱਟੀ ਦੀ ਜਾਂਚ ਕਰਵਾ ਕੇ ਕਿਸਾਨ ਲੋੜ ਤੋਂ ਵੱਧ ਪੈ ਰਹੀ ਖ਼ਾਦ ਦੀ ਮਾਤਰਾ ਨੂੰ ਘਟਾ ਸਕਦੇ ਹਨ।
ਡਾ. ਰਣਵੀਰ ਸਿੰਘ ਨੇ ਕਿਸਾਨਾਂ ਨੂੰ ਜ਼ਮੀਨ ਵਿੱਚ ਜੀਵਾਣੂ ਖ਼ਾਦ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੀਵਾਣੂ ਖਾਦ ਪਾਉਣ ਨਾਲ ਰਸਾਇਣਕ ਖ਼ਾਦਾਂ ਦੀ ਵਰਤੋਂ ਘੱਟ ਕਰ ਸਕਦੇ ਹਾਂ। ਇਸ ਤਰ੍ਹਾਂ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਅਖ਼ੀਰ ਵਿਚ ਕਿਸਾਨਾਂ ਨੇ ਭੂਮੀ ਨੂੰ ਬਚਾਉਣ ਵਿੱਚ ਯੋਗਦਾਨ ਪਾਉਣ ਲਈ ਉਚੇਚੇ ਕਦਮ ਉਠਾਉਣ ਦਾ ਸੰਕਲਪ ਲਿਆ।

LEAVE A REPLY

Please enter your comment!
Please enter your name here