*ਕੱਲ੍ਹ ਫਤਵਾ ਦੇਣਗੇ ਸੰਗਰੂਰ ਹਲਕੇ ਦੇ 15,69,240 ਵੋਟਰ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਏਗਾ ਫੈਸਲਾ*

0
18

22 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼):: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਕੱਲ੍ਹ ਵੀਰਵਾਰ ਨੂੰ ਹੋਏਗੀ। ਵੋਟਾਂ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਭਗਵੰਤ ਮਾਨ ਦੇ ਧੂਰੀ ਤੋਂ ਵਿਧਾਨ ਸਭਾ ਚੋਣ ਜਿੱਤਣ ਮਗਰੋਂ ਇਹ ਲੋਕ ਸਭਾ ਸੀਟ ਖਾਲੀ ਹੋਈ ਸੀ। ਮੰਗਵਾਰ ਸ਼ਾਮ ਛੇ ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਰਿਟਰਨਿੰਗ ਅਫ਼ਸਰ ਜਿਤੇਂਦਰ ਜੋਰਵਾਲ ਨੇ ਕਿਹਾ ਕਿ ਹਲਕੇ ’ਚ 15,69,240 ਵੋਟਰ ਹਨ ਜਿਨ੍ਹਾਂ ’ਚੋਂ 8,30,056 ਪੁਰਸ਼, 7,39,140 ਮਹਿਲਾਵਾਂ ਤੇ 44 ਕਿੰਨਰ ਹਨ।

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ੍ਹ 16 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਵਿੱਚੋਂ ਪ੍ਰਮੁੱਖ ਸਿਆਸੀ ਧਿਰਾਂ ’ਚ ‘ਆਪ’ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਕਾਂਗਰਸ ਪਾਰਟੀ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਤੇ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਸ਼ਾਮਲ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਤਹਿਤ ਕੀਤੀ ਗਈ ਕਾਨੂੰਨ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਹਲਕੇ ’ਚ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ। ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ ਤੋਂ ਹੀ ਬੰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਚੋਣ ਰੈਲੀ ਜਾਂ ਪ੍ਰਚਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਲਈ ਪ੍ਰਚਾਰ ਵਾਸਤੇ ਬਾਹਰੀ ਹਲਕਿਆਂ ਤੇ ਇਲਾਕਿਆਂ ਤੋਂ ਆਏ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਨੂੰ ਸੰਗਰੂਰ ਲੋਕ ਸਭਾ ਹਲਕੇ ’ਚੋਂ ਮੰਗਲਵਾਰ ਸ਼ਾਮ 6 ਵਜੇ ਤੱਕ ਵਾਪਸ ਚਲੇ ਜਾਣ ਦੀ ਹਦਾਇਤ ਵੀ ਕੀਤੀ ਗਈ ਸੀ। ਹੁਣ ਵੀ ਪ੍ਰਸ਼ਾਸਨ ਇਸ ਨੂੰ ਲੈ ਕੇ ਚੌਕਸ ਹੈ।

ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਜੇਕਰ ਬਾਹਰੋਂ ਆਏ ਵਿਅਕਤੀ ਹਲਕੇ ਵਿੱਚ ਮੌਜੂਦ ਰਹਿੰਦੇ ਤਾਂ ਇਸ ਨਾਲ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦਾ ਅਮਲ ਪ੍ਰਭਾਵਿਤ ਹੋ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ’ਚ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪ੍ਰਸ਼ਾਸਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 27 ਜੂਨ ਤੱਕ ਲਾਗੂ ਰਹਿਣਗੇ।

NO COMMENTS