
ਚੰਡੀਗੜ੍ਹ, ਅਗਸਤ 9 (ਸਾਰਾ ਯਹਾਂ/ ਮੁੱਖ ਸੰਪਾਦਕ ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।
ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ।
ਉਨ੍ਹਾਂ ਦੱਸਿਆ ਕਿ ਅਧਿਕਾਰੀ ਵੱਲੋਂ ਰੂਪਨਗਰ ਜ਼ਿਲ੍ਹੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।
ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ ਤੁਰੰਤ ਸਸ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
