
ਮਾਨਸਾ, 18 ਅਪ੍ਰੈਲ(ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ, ਜਿਸਦੇ ਲਈ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਪ੍ਰਸ਼ਾਸਨ ਵੱਲੋਂ ਪਹਿਲਾ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ’ਚ 3 ਲੱਖ 35 ਹਜ਼ਾਰ 401 ਮੀਟਰਕ ਟਨ ਕਣਕ ਦੀ ਆਮਦ ਹੋਈ, ਜਿਸਦੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 97 ਹਜ਼ਾਰ 795 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਰਹਿੰਦੀ ਫਸਲ ਦੀ ਖਰੀਦ ਸਮਾਂਬੱਧ ਤਰੀਕੇ ਨਾਲ ਰਾਜ ਸਰਕਾਰ ਦੇ ਮਾਪਦੰਡਾਂ ਅਨੁਸਾਰ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਦੇ ਖਾਤਿਆ ’ਚ ਆਨਲਾਈਨ ਵਿਧੀ ਰਾਹੀ ਸਿੱਧੀ ਅਦਾਇਗੀ ਕਰਨ ਲਈ ਨਾਲੋ ਨਾਲ ਪ੍ਰਕਿਰਿਆ ਜਾਰੀ ਹੈ, ਤਾਂ ਜੋ ਫਸਲ ਲੈ ਕੇ ਆਏ ਕਿਸਾਨ ਮੰਡੀਆਂ ਵਿੱਚ ਖੁਸ਼ੀ ਖੁਸ਼ੀ ਆਪਣੇ ਘਰਾਂ ਨੂੰ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 93948, ਮਾਰਕਫੈਡ ਵੱਲੋਂ 82190, ਪਨਸਪ ਵੱਲੋਂ 72430, ਵੇਅਰਹਾਊਸ ਵੱਲੋਂ 45507 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 3720 ਮੀਟਕਰ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ 90336 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ’ਚ ਸੁੱਕੀ ਫਸਲ ਲਿਆਉਣ, ਤਾਂ ਜੋ ਨਾਲੋ ਨਾਲ ਫਸਲ ਦੀ ਬੋਲੀ ਲਗਾ ਕੇ ਨਿਰਵਿਘਨ ਢੰਗ ਨਾਲ ਖਰੀਦ ਕਾਰਜ਼ਾਂ ਨੂੰ ਨੇਪਰੇ ਚੜਾਇਆ ਜਾ ਸਕੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਖਰੀਦ ਕਾਰਜ਼ਾਂ ਨਾਲ ਜੁੜੇ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ, ਕਿ ਮੰਡੀਆਂ ’ਚ ਆਉਣ ਵਾਲੀ ਫਸਲ ਦੀ ਖਰੀਦ ਸਮਾਂਬੱਧ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਮੰਡੀਆਂ ਅੰਦਰ ਖਰੀਦ ਦੌਰਾਨ ਖਰਾਬ ਮੌਸਮ ਤੋਂ ਕਣਕ ਨੂੰ ਸੁਰੱਖਿਅਤ ਰੱਖਣ ਲਈ ਤਰਪਾਲਾਂ ਅਤੇ ਲਿਫਟਿੰਗ ਕਾਰਜ਼ਾਂ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਜਾਰੀ ਕੀਤੇ।
