ਮਾਨਸਾ, 27 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) :ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਣਕ ਦੀ ਚਲ ਰਹੀ ਸਮੁੱਚੀ ਖਰੀਦ ਪ੍ਕਰਿਆ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੁਖਾਵੇਂ ਮਾਹੌਲ ‘ਚ ਨੇਪਰੇ ਚੜ੍ਹਾਉਣ ਲਈ ਕਿਸਾਨਾਂ, ਆੜਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਦੀ ਸੁਵਿਧਾ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਖਰੀਦ ਸ਼ੀਜਨ ਦੌਰਾਨ ਵਿਭਾਗੀ ਅਧਿਕਾਰੀਆਂ ਦੇ ਨਾਲ ਖਰੀਦ ਕਾਰਜ਼ਾਂ ਨਾਲ ਜੁੜੇ ਹਰ ਵਰਗ ਦੀ ਅਹਿਮ ਭੂਮਿਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਣਕ ਦੇ ਖਰੀਦ ਕਾਰਜ਼ ਤੇ ਤਸੱਲੀ ਪ੍ਰਗਟ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਭਾਵੀ ਬਰਸਾਤ ਨਾਲ ਨਜਿੱਠਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਤਰਪਾਲਾਂ ਸਮੇਤ ਹੋਰ ਲੋੜੀਂਦੇ ਪ੍ਬੰਧ ਪਹਿਲਾਂ ਹੀ ਮੁਕੰਮਲ ਹਨ, ਤਾਂ ਜੋ ਬਾਰਿਸ਼ ਦੌਰਾਨ ਕੋਈ ਮੁਸਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਅਦਾਇਗੀ 48 ਘੰਟੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 924 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 59 ਫ਼ੀਸਦੀ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਆਈ 495150 ਮੀਟਰਕ ਟਨ ਕਣਕ ਵਿਚੋਂ 478949 ਭਾਵ 96 ਫ਼ੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ ਪਨਗਰੇਨ ਏਜ਼ਸੀ ਵੱਲੋਂ 151432 ਮੀਟਰਕ ਟਨ, ਮਾਰਕਫੈੱਡ ਵੱਲੋਂ 123552 ਮੀਟਰਕ ਟਨ, ਪਨਸਪ ਵੱਲੋਂ 125300, ਪੰਜਾਬ ਵੇਅਰਹਾਊਸ ਵੱਲੋਂ 74350 ਅਤੇ ਵਪਾਰੀਆਂ ਵੱਲੋਂ 4315 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।