ਮਾਨਸਾ, 11 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਮੀ ਨਹੀਂ ਹੋਣੀ ਚਾਹੀਦੀ, ਜਿਸ ਤਹਿਤ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਡੀਲਰ ਜਮ੍ਹਾਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਡੀਲਰ ਵੱਲੋਂ ਡੀ.ਏ.ਪੀ. ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲ ਕੀਤੀ ਜਾ ਰਹੀ ਹੈ ਅਤੇ ਡੀ.ਏ.ਪੀ. ਦੇ ਨਾਲ ਬੇਲੋੜੀਆਂ ਵਸਤਾਂ ਟੈਗ ਕਰਕੇ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਅਜਿਹੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਕਾਰਜਕਾਰੀ ਮੈਜਿਸਟ੍ਰੇਟ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨ ਪੱਧਰ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ ਅਚਨਚੇਤ ਚੈਕਿੰਗ ਲਈ ਹਦਾਇਤਾਂ ਕੀਤੀਆਂ ਹੋਈਆਂ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇਨ੍ਹਾਂ ਟੀਮਾਂ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਜੇਕਰ ਕੋਈ ਖਾਦ ਵਿਕਰੇਤਾ ਵੱਧ ਕੀਮਤ ਵਸੂਲ ਕਰਦਾ ਹੈ ਜਾਂ ਕੋਈ ਹੋਰ ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।