*ਖਿਡਾਰੀਆਂ ਦੀ ਪ੍ਰਤਿਭਾ ਨਿਖਾਰਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟਣ ’ਚ ਕਾਰਗਰ ਸਿੱਧ ਹੋਣਗੀਆਂ ਖੇਡਾਂ-ਵਿਧਾਇਕ ਬੁੱਧ ਰਾਮ*

0
23

ਮਾਨਸਾ, 12 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਰਾਜ ਅੰਦਰ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਅੰਦਰ ਚੰਗੇ ਖਿਡਾਰੀ ਪੈਦਾ ਕਰਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟਣ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਨੇ ਜ਼ਿਲ੍ਹਾ ਮਾਨਸਾ ਵਿਖੇ ਹੋਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਕੀਤਾ।
ਵਿਧਾਇਕ ਬੁੱਧ ਰਾਮ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਅੰਦਰ ਪੂਰੀ ਰੂਚੀ ਅਤੇ ਜੋਸ਼ ਨਾਲ ਖੇਡਣ ਲਈ ਪੇ੍ਰਰਿਤ ਕੀਤਾ ਅਤੇ ਰਾਜ ਪੱਧਰੀ ਖੇਡਾਂ ਅੰਦਰ ਚੰਗਾ ਮੁਕਾਮ ਹਾਸਿਲ ਕਰਨ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਬਾਅਦ ਰਾਜ ਪੱਧਰ ’ਤੇ 22 ਵੱਖ-ਵੱਖ ਖੇਡਾਂ ਦੇ ਮੁਕਾਬਲੇ ਹੋਣਗੇ ਅਤੇ ਜੇਤੂ ਖਿਡਾਰੀਆਂ ਨੂੰ ਰਾਜ ਸਰਕਾਰ ਵੱਲੋਂ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਅੰਦਰ ਕੀਤੀ ਇਹ ਨਿਵੇਕਲੀ ਪਹਿਲ ਖਿਡਾਰੀਆਂ ਦੀ ਪ੍ਰਤਿਭਾ ਨਿਖਾਰਣ ਲਈ ਵੱਡੇ ਪੱਧਰ ’ਤੇ ਲਾਹੇਵੰਦ ਸਾਬਿਤ ਹੋਵੇਗੀ।
ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਹਾ ਕਿ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲਿਜਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਈ ਕਸਰ ਬਾਕੀ ਨਹੀ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਖੇਡ ਜਗਤ ਅੰਦਰ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ, ਇਸੇ ਪਰੰਪਰਾ ਨੂੰ ਕਾਇਮ ਰੱਖਣ ਲਈ ਰਾਜ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਿਸ਼ੇਸ਼ ਖੇਡ ਮੁਕਾਬਲੇ ਕਰਵਾ ਕੇ ਚੰਗੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਮੈਦਾਨਾਂ ਅੰਦਰ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।  
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ 6 ਖੇਡ ਮੈਦਾਨਾਂ ਅੰਦਰ 18 ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਅੰਦਰ ਹਿੱਸਾ ਲੈਣ ਵਾਲੇ ਹਰ ਉਮਰ ਵਰਗ ਦੇ ਖਿਡਾਰੀਆਂ ਅੰਦਰ ਪੂਰਾ ਉਤਸ਼ਾਹ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਖੇਡ ਮੈਦਾਨਾਂ ਅੰਦਰ ਖਿਡਾਰੀਆਂ ਦੇ ਖਾਣ-ਪੀਣ, ਸਿਹਤ ਸੇਵਾਵਾਂ, ਗੱਡੀਆਂ ਦੀ ਪਾਰਕਿੰਗ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਗੱਤਕਾ ਦੀ ਪੇਸ਼ਕਾਰੀ ਕਰਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਵੱਖ-ਵੱਖ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ਼੍ਰੀ ਟੀ.ਬੈਨਿਥ, ਚਰਨਜੀਤ ਸਿੰਘ ਅੱਕਾਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here