*‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਮਸ਼ਾਲ ਮਾਰਚ ਦਾ ਭੈਣੀ ਬਾਘਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਸਵਾਗਤ*

0
41

ਮਾਨਸਾ, 29 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਿਛਲੇ 02 ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-3 ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ।
ਇਹ ਮਾਰਚ ਵੱਖ-ਵੱਖ ਜ਼ਿਲਿ੍ਹਆਂ ਤੋਂ ਹੁੰਦਾ ਹੋਇਆ ਅੱਜ ਜ਼ਿਲ੍ਹਾ ਬਠਿੰਡਾ ਤੋਂ ਜ਼ਿਲ੍ਹਾ ਮਾਨਸਾ ਵਿੱਚ ਦਾਖਲ ਹੋਇਆ ਜਿੱਥੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਮਸ਼ਾਲ ਮਾਰਚ ਦਾ ਸਵਾਗਤ ਕੀਤਾ। ਮਸ਼ਾਲ ਮਾਰਚ ਦੇ ਸਵਾਗਤ  ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਵਿਖੇ ਰੱਖੇ ਸਮਾਗਮ ਵਿੱਚ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ. ਗੁਰਪ੍ਰੀਤ ਸਿੰਘ ਭੁੱਚਰ, ਸ੍ਰੀ ਚੁਸ਼ਪਿੰਦਰਬੀਰ ਚਹਿਲ, ਓਲੰਪੀਅਨ ਵਿਜੈਵੀਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ, ਖਿਡਾਰੀ ਤੇ ਪਤਵੰਤੇ ਸ਼ਾਮਲ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਢੁਕਵਾਂ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਦੇ ਸਰੀਰਿਕ ਅਤੇ ਮਾਨਸਿਕ ਲਾਭ ਹਨ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਮਾਰਚ ਦਾ ਮੁੱਖ ਮਕਸਦ ਲੋਕਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ, ਖਾਸਕਰ ਨੌਜਵਾਨ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਖੇਡਾਂ ਨਾਲ ਜੁੜੇ ਨੌਜਵਾਨ ਜਿੱਥੇ ਨਸ਼ਿਆਂ ਅਤੇ ਹੋਰ ਭੈੜੀਆਂ ਆਦਤਾਂ ਤੋਂ ਬਚੇ ਰਹਿੰਦੇ ਹਨ, ਉੱਥੇ ਉਹ ਆਪਣੀ ਮਿਹਨਤ ਨਾਲ ਆਪਣਾ ਅਤੇ ਦੇਸ਼ ਦਾ ਨਾਂ ਵੀ ਰੌਸ਼ਨ ਕਰ ਸਕਦੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਮਾਨਸਾ ’ਚ ਬਲਾਕ ਪੱਧਰੀ ਖੇਡਾਂ 02 ਸਤੰਬਰ ਤੋਂ 10 ਸਤੰਬਰ ਤੱਕ ਫੁਟਬਾਲ, ਕਬੱਡੀ (ਨੈਸ਼ਨਲ ਸਟਾਇਲ ਤੇ ਸਰਕਲ ਸਟਾਇਲ), ਖੋ-ਖੋ, ਅਥਲੈਟਿਕਸ, ਵਾਲੀਬਾਲ (ਸਮੈਸਿੰਗ) ਅਤੇ ਵਾਲੀਬਾਲ (ਸ਼ੂਟਿੰਗ) ਕਰਵਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 20 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਜਾਰੀ ਹੈ ਅਤੇ ਰਜਿਸਟ੍ਰੇਸ਼ਨ ਆਨਲਾਈਨ ਲਿੰਕ https://eservices.punjab.gov.in ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮਸ਼ਾਲ ਮਾਰਚ ਦੇ ਸਵਾਗਤ ਸਮਾਰੋਹ ਮੌਕੇ ਸ਼ੂਟਿੰਗ ਓਲੰਪੀਅਨ ਵਿਜੈਵੀਰ ਸਿੰਘ ਸਿੱਧੂ ਨੂੰ ਉਚੇਚੇ ਤੌਰ ’ਤੇ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਅਤੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਸ਼ਡਿਊਲ ਦਾ ਕੈਲੰਡਰ ਜਾਰੀ ਕੀਤਾ। ਪ੍ਰਭਲੀਨ ਤੇ ਗਰੁੱਪ ਵੱਲੋਂ ਗੱਤਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਦੇ ਵਿਦਿਆਰਥੀਆਂ ਅਤੇ ਦੀਪ ਭੰਗੜਾ ਅਕੈਡਮੀ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਸਕੂਲ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਸ੍ਰੀਮਤੀ ਯੋਗਿਤਾ ਜੋਸ਼ੀ, ਸਕੂਲ ਸਟਾਫ ਤੇ ਵਿਦਿਆਰਥੀ ਅਤੇ ਖੇਡ ਕੋਚ ਸਾਹਿਬਾਨ ਮੌਜੂਦ ਸਨ।

LEAVE A REPLY

Please enter your comment!
Please enter your name here