ਮਾਨਸਾ, 10 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ)
ਮਾਨਸਾ ਬਲਾਕ ਦੇ ਪਿੰਡ ਲੱਲੂਆਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤ ਨੂੰ ਬਚਾਉਣ ਦੀ ਮੁੱਢਲੀ ਜਿੰਮੇਵਾਰੀ ਮਨੁੱਖ ਦੀ ਬਣਦੀ ਹੈ। ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਂਦੀ ਬਲਕਿ ਇਸ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣੀ ਚਾਹਦੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਲਈ ਅਸੀਂ ਵੀ ਆਪਣਾ ਯੋਗਦਾਨ ਪਾ ਸਕੀਏੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ, ਜੀਰੋ ਟਰਿੱਲ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕਰਨ ਲਈ ਕਿਹਾ ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧ ਅਸਾਨੀ ਨਾਲ ਹੋਵੇ। ਇਸ ਮੌਕੇ ਵਿਗਿਆਨਿਕ ਸੈਂਟਰ ਪ੍ਰਦੂਸ਼ਣ ਕੰਟਰੋਲ ਅਤੇ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋ ਗੋਰਵ ਗਹਿਲੋਤ ਵਿਸ਼ੇਸ਼ ਤੌਰ ’ਤੇ ਮੋਜੂਦ ਸਨ। ਹਰਮਨੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਕਿਸਾਨ ਮੋਜੂਦ ਸਨ।