ਮਾਨਸਾ, 12 ਜੁਲਾਈ: (ਸਾਰਾ ਯਹਾਂ/ਬੀਰਬਲ ਧਾਲੀਵਾਲ)
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ‘ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲ (ਆਇਲ ਸੀਡਜ਼)’ ਸਕੀਮ ਅਧੀਨ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਖ—ਵੱਖ ਬਲਾਕਾਂ ਵਿੱਚੋਂ 120 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਦੇ ਕੀਟ ਵਿਗਿਆਨੀ ਡਾ.ਰਣਵੀਰ ਸਿੰਘ ਅਤੇ ਇੰਜੀਨੀਅਰ ਅਲੋਕ ਕੁਮਾਰ ਵੱਲੋਂ ਸ਼ਿਰਕਤ ਕੀਤੀ ਗਈ। ਸਿਖਲਾਈ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਡਾ.ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਭੀਖੀ ਵੱਲੋਂ ਕਿਸਾਨਾਂ ਨਾਲ ਤੇਲ ਬੀਜ ਫਸਲਾਂ ਜਿਵੇਂ ਕਿ ਸਰ੍ਹੋਂ, ਮੂੰਗਫਲੀ, ਤਿੱਲ, ਸੋਇਆਬੀਨ ਆਦਿ ਦੀ ਕਾਸ਼ਤ ਸਬੰਧੀ ਜ਼ਰੂਰੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਗਏ।
ਡਾ. ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਵੱਲੋਂ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜੇ—ਮਕੌੜਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਦੱਸਿਆ ਗਿਆ।
ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ), ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫ਼ਸਰ ਵੀ ਮੌਜੂਦ ਸਨ।