*ਖੇਤੀਬਾੜੀ ਵਿਭਾਗ ਵੱਲੋਂ ਪਿੰਡ ਮੰਡੇਰ ਅਤੇ ਕਲੀਪੁਰ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਢੁੱਕਵੇਂ ਪ੍ਰਬੰਧਾਂ ਸਬੰਧੀ ਕਰਵਾਇਆ ਜਾਣੂ*

0
134

ਮਾਨਸਾ, 19 ਸਤੰਬਰ :(ਸਾਰਾ ਯਹਾਂ/ਮੁੱਖ ਸੰਪਾਦਕ )
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਬਲਾਕ ਬੁਢਲਾਡਾ ਦੇ ਪਿੰਡ ਮੰਡੇਰ ਅਤੇ ਕਲੀਪੁਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ 80 ਦੇ ਕਰੀਬ ਕਿਸਾਨਾਂ ਵੱਲੋਂ ਭਾਗ ਲਿਆ ਗਿਆ।  


ਕੈਂਪ ਦੌਰਾਨ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਮਾਨਸਾ ਡਾ. ਜਸਲੀਨ ਕੌਰ ਧਾਲੀਵਾਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਵੱਖ-ਵੱਖ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀ.ਆਰ—126 ਅਤੇ ਬਾਸਮਤੀ ਆਦਿ ਦਾ ਖੇਤ ਵਿੱਚ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਮਲਚਰ ਰਾਹੀਂ ਅਤੇ ਲੰਬਾ ਸਮਾਂ ਲੈਣ ਵਾਲੀਆਂ ਕਿਸਮਾਂ ਦਾ ਖੇਤ ਤੋਂ ਬਾਹਰ ਬੇਲਰ ਆਦਿ ਤਰੀਕੇ ਨਾਲ ਪਬ੍ਰੰਧਨ ਕਰਕੇ ਪਰਾਲੀ ਦਾ ਹੱਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਸ਼੍ਰੀ ਅਮਨਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਸਟਮ ਹਾਇਰਿੰਗ ਸੈਂਟਰਾਂ ਅਤੇ ਸਹਿਕਾਰੀ ਸਭਾਵਾਂ ਤੋਂ ਮਸ਼ੀਨਰੀ ਕਿਰਾਏ ’ਤੇ ਲੈ ਕੇ ਪਰਾਲੀ ਦਾ ਪ੍ਰਬੰਧਨ ਕਰਨ। ਕੈਂਪ ਦੌਰਾਨ ਐਗਰੀਕਲਚਰ ਟੈਕਨਾਲੋਜੀ ਮੈਨੇਜਰ ਸ਼੍ਰੀ ਨਿਰਮਲ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਬਰ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here