ਬੁਢਲਾਡਾ 18 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ) ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਪੰਜਾਬ ਭਰ ਵਿੱਚ ਆਰੰਭ ਸੰਘਰਸ਼ ਤਹਿਤ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਧਰਨਾ 18ਵੇਂ ਦਿਨ ਵੀ ਜਾਰੀ ਰਿਹਾ ਅਤੇ ਕੇਂਦਰ ਸਰਕਾਰ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਅੰਨਦਾਤੇ ਨੂੰ ਰੋਲਣ ਲਈ ਤੁਲੀ ਹੋਈ ਹੈ ਅਤੇ ਕਿਸਾਨਾਂ ਦੀਆਂ ਜਮੀਨਾਂ ਤੇ ਖੇਤੀਬਾੜੀ ਦੇ ਕਾਰੋਬਾਰ ਨੂੰ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਤੁਰੀ ਹੋਈ ਹੈ। ਕਿਸਾਨ ਆਗੂਆਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਵਿਰੋਧੀ ਇੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਮਜ਼ਦੂਰਾਂ ਦੇ ਸੰਘਰਸ਼ ਵਿੱਚ ਵਧ ਚੜਕੇ ਸ਼ਾਮਲ ਹੋਣ। ਇਸ ਮੌਕੇ ਤੇ ਬੀ ਕੇ ਯੂ ਏਕਤਾ (ਡਕੋਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਕਰਨ ਸਿੰਘ ਸ਼ੇਰਖਾਂ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਸੀਨੀਅਰ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੀਤਾ ਰਾਮ ਗੋਬਿੰਦਪੁਰਾ, ਨਛੱਤਰ ਸਿੰਘ ਉੱਡਤ ਸੈਦੇਵਾਲਾ , ਤਾਜੇਵਾਲ ਗੁੱਟ ਦੇ ਆਗੂ ਦਿਲਬਾਗ ਸਿੰਘ ਗੱਗੀ , ਦਰਸ਼ਨ ਸਿੰਘ ਗੁਰਨੇ ਕਲਾਂ , ਸਤਪਾਲ ਸਿੰਘ ਬਰੇ , ਕਰਮਜੀਤ ਸਿੰਘ ਮੰਦਰਾਂ , ਸੁਖਦੇਵ ਸਿੰਘ ਬੋੜਾਵਾਲ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।