
ਮਾਨਸਾ, 06 ਨਵੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਿੰਡਾਂ ਵਿੱਚ ਦੇਖ—ਰੇਖ ਕਰਨ ਲਈ ਲਗਾਈਆਂ ਗਈਆਂ ਹਨ। ਇਹ ਅਧਿਕਾਰੀ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਪਿਛਲੇ 3 ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਲਈ ਕੋਈ ਵੀ ਮਸ਼ੀਨ ਵਿਭਾਗ ਪਾਸੋਂ ਸਬਸਿਡੀ ’ਤੇ ਲਈ ਹੈ ਅਤੇ ਫਿਰ ਵੀ ਉਹ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਮਸ਼ੀਨਰੀ ਵੀ ਜ਼ਬਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਨੇ ਸਬਸਿਡੀ ’ਤੇ ਮਸ਼ੀਨਰੀ ਲਈ ਹੈ, ਉਹ ਆਪਣੇ ਖੇਤਾਂ ਵਿੱਚ ਮਸ਼ੀਨਰੀ ਦੀ ਵਰਤੋਂ ਕਰਨ ਦੇ ਨਾਲ ਨਾਲ ਹੋਰਨਾਂ ਕਿਸਾਨਾਂ ਦੇ ਖੇਤਾਂ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਸਹਿਯੋਗ ਕਰਨ ਅਤੇ ਆਪਣਾ ਫਰਜ ਪਛਾਣਦੇ ਹੋਏ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾਉਣ।
