*ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ*

0
133

ਮਾਨਸਾ,  26 ਜਨਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)
76ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਇਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੀ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਐਚ.ਐਸ. ਗਰੇਵਾਲ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਵੱਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।


ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ, ਪੀ.ਬੀ.ਆਈ.  (ਹੋਮੀਸਾਈਡ ਐਂਡ ਫੋਰੈਂਸਿਕ) ਸ੍ਰੀ ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਐਂਡ ਗਾਈਡਜ਼  ਦੀਆਂ ਟੁਕੜੀਆਂ ਤੋਂ ਇਲਾਵਾ ਆਰਮੀ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੀ ਬੈਂਡ ਟੀਮ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ।


ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਜੀ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ।
ਜ਼ਿਲੇ੍ਹ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਜਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ 18 ਲਾਇਬ੍ਰੇਰੀਆਂ ਦੀ ਉਸਾਰੀ ਲਈ ਸਾਲ 2023-24 ਦੇ ਆਪਣੇ ਅਖਤਿਆਰੀ ਕੋਟੇ ਵਿਚੋਂ 01 ਕਰੋੜ 92 ਲੱਖ ਰੁਪਏ ਜਾਰੀ ਕੀਤੇ ਗਏ ਸਨ। ਇੰਨ੍ਹਾਂ ਲਾਇਬ੍ਰੇਰੀਆਂ ਵਿਚੋਂ 10 ਲਾਇਬ੍ਰੇਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 8 ਲਾਇਬ੍ਰੇਰੀਆਂ ਆਉਣ ਵਾਲੇ ਦਿਨਾਂ ਵਿਚ ਮੁਕੰਮਲ ਹੋ ਜਾਣਗੀਆਂ। ਜਿਲ੍ਹੇ ਦੇ ਪਿੰਡਾਂ ਅੰਦਰ ਕੁੱਲ 41 ਲਾਇਬ੍ਰੇਰੀਆਂ ਉਸਾਰੀਆਂ ਜਾ ਰਹੀਆਂ ਹਨ।


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-2 ਪਿੰਡਾਂ ਵਿੱਚ 106 ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ਵਿਚੋਂ 88 ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ 18 ਪ੍ਰਗਤੀ ਅਧੀਨ ਹਨ। ਇਸ ਤਰ੍ਹਾਂ ਹੀ ਵੱਖ-2 ਪਿੰਡਾਂ ਵਿੱਚ ਛੱਪੜਾਂ ਸਬੰਧੀ 83 ਕੰਮ ਅਤੇ ਆਂਗਣਵਾੜੀ ਦੀ ਉਸਾਰੀ ਸਬੰਧੀ 29 ਕੰਮ ਚੱਲ ਰਹੇ ਹਨ।


  ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਕਮਾਂਡੈਂਟ ਪੰਜਾਬ ਹੋਮਗਾਰਡਜ਼ ਸ੍ਰੀ ਰਛਪਾਲ ਸਿੰਘ ਤੋਂ ਇਲਾਵਾ ਜੁਡੀਸ਼ੀਅਲ ਅਤੇ ਸਿਵਲ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

LEAVE A REPLY

Please enter your comment!
Please enter your name here