
ਮਾਨਸਾ, 24 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਦਾ ਕਰਨਗੇ।
ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਮੂਹ ਸਿਵਲ, ਪੁਲਿਸ ਅਤੇ ਸਕੂਲਾਂ ਦੇ ਇੰਚਾਰਜ ਸਾਹਿਬਾਨਾਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਰੀਵਿਊ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਅਤੇ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ।
