
20 ਫਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਿੱਖ ਨੌਜਵਾਨਾਂ ਨੂੰ ਅੱਗੇ ਆ ਕੇ ਪੰਥਕ ਸਿਆਸਤ ਦੀ ਕਮਾਨ ਸੰਭਾਲਣ ਦਾ ਸੱਦਾ ਦਿੱਤਾ ਹੈ। ਪਟਿਆਲਾ ਦੇ ਸਨੌਰ ਹਲਕੇ ਵਿੱਚ ਇੱਕ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਅੱਠ-ਦਸ ਲੋਕ ਆਪਣੇ ਨਿੱਜੀ..
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਿੱਖ ਨੌਜਵਾਨਾਂ ਨੂੰ ਅੱਗੇ ਆ ਕੇ ਪੰਥਕ ਸਿਆਸਤ ਦੀ ਕਮਾਨ ਸੰਭਾਲਣ ਦਾ ਸੱਦਾ ਦਿੱਤਾ ਹੈ। ਪਟਿਆਲਾ ਦੇ ਸਨੌਰ ਹਲਕੇ ਵਿੱਚ ਇੱਕ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਅੱਠ-ਦਸ ਲੋਕ ਆਪਣੇ ਨਿੱਜੀ ਹਿੱਤਾਂ ਲਈ ਪੰਥ ਦਾ ਨੁਕਸਾਨ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਬਾਹਰ ਸੁੱਟ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਨਾ ਕੀਤਾ ਗਿਆ ਤਾਂ ਦੁਨੀਆ ਦੀ ਕੋਈ ਵੀ ਤਾਕਤ ਸਾਨੂੰ ਬਰਬਾਦੀ ਤੋਂ ਨਹੀਂ ਬਚਾ ਸਕਦੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਸਾਰੀਆਂ ਪੰਥਕ ਧਿਰਾਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦਾ ਮਕਸਦ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਪਿੱਚ ਤਿਆਰ ਕਰਕੇ ਦਿੱਤੀ ਜਾਏ ਜਿਸ ਉਪਰ ਪੰਥਕ ਸਿਆਸਤ ਕੀਤੀ ਜਾ ਸਕੇ ਪਰ ਕੁਝ ਲੋਕਾਂ ਨੇ ਆਪਣੇ ਹਿੱਤਾਂ ਲਈ ਇਸ ਦਾ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਅੱਠ-ਦਸ ਲੋਕ ਹਨ ਜੋ ਪੰਥ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਪੰਥਕ ਇੱਕਜੁਟਤਾ ਲਈ ਮੈਦਾਨ ਵਿੱਚ ਉੱਤਰੇ ਹਨ। ਬੁੱਧਵਾਰ ਨੂੰ ਉਨ੍ਹਾਂ ਨੇ ਦਿੱਲੀ ਵਿੱਚ ਆਲ ਇੰਡੀਆ ਪੰਥਕ ਕਨਵੈਨਸ਼ਨ ਵਿੱਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ। ਇਸ ਮੌਕੇ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਮੌਜੂਦਾ ਦੌਰ ਵਿੱਚ ਸਿਰਫ 10 ਜਣੇ ਹੀ ਅਕਾਲੀ ਦਲ ਨੂੰ ਡੋਬਣ ’ਤੇ ਲੱਗੇ ਹੋਏ ਹਨ ਜਿਸ ਵਿੱਚੋਂ 2 ਦਿੱਲੀ ਦੇ ਹਨ ਤੇ 8 ਪੰਜਾਬ ਦੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀ ਕੌਮ ਪੰਥ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਪਰ ਇਹ 10 ਜਣੇ ਪੰਥ ਦੇ ਖ਼ਿਲਾਫ਼ ਕੰਮ ਕਰ ਰਹੇ ਹਨ।
ਇਸ ਉਪਰ ਜਵਾਬੀ ਹਮਲਾ ਕਰਨ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਚੰਡੀਗੜ੍ਹ ਪਹੁੰਚੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਨਾ ਨੇ ਕਿਹਾ ਕਿ ਕਾਨਫਰੰਸ ਵਿੱਚ ਉਹ ਵਿਅਕਤੀ ਸ਼ਾਮਲ ਸਨ ਜਿਨ੍ਹਾਂ ਦਾ ਸਿੱਖ ਪੰਥ ਵਿੱਚ ਕੋਈ ਵਿਸ਼ੇਸ਼ ਸਥਾਨ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਨੂੰ ਕਮਜ਼ੋਰ ਕਰਨ ਲਈ ਕੀਤੀ ਗਈ ਸੀ ਤੇ ਇਸ ਪਿੱਛੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਸੀ।
ਸਰਨਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਿੱਖ ਸੰਸਥਾਵਾਂ ‘ਤੇ ਕਬਜ਼ਾ ਬਰਕਰਾਰ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਇਸ ਦੀ ਲੀਡਰਸ਼ਿਪ, ਖਾਸ ਕਰਕੇ ਸੁਖਬੀਰ ਬਾਦਲ ਨੂੰ 2027 ਦੀਆਂ ਚੋਣਾਂ ਤੱਕ ਕਮਜ਼ੋਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਕੇਂਦਰ ਸਰਕਾਰ ਤੇ ਏਜੰਸੀਆਂ ਦੇ ਪ੍ਰਭਾਵ ਹੇਠ ਕੰਮ ਕਰਨ ਦਾ ਦੋਸ਼ ਵੀ ਲਗਾਇਆ। ਸਰਨਾ ਨੇ ਕਾਨਫਰੰਸ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣਾ ਸੀ ਤੇ ਇਸ ਦਾ ਕੋਈ ਅਸਲ ਧਾਰਮਿਕ ਜਾਂ ਰਾਜਨੀਤਕ ਉਦੇਸ਼ ਨਹੀਂ ਸੀ।
