
ਮਾਨਸਾ, 24 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਕਣਕ ਦੀ ਫਸਲ ਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਵਿੱਚ ਪੈਸਟ ਸਰਵੇਖਣ ਟੀਮਾਂ ਵੱਲੋਂ ਹਰ ਰੋਜ਼ ਬਲਾਕਾਂ ਦੇ ਪਿੰਡਾਂ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਦੌਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਪਾਇਆ ਜਾ ਰਿਹਾ ਹੈ ਕਿ ਕਿਤੇ-ਕਿਤੇ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿੱਚ ਆਇਆ ਹੈ ਅਤੇ ਕਿਸਾਨ ਵੀਰਾਂ ਨੂੰ ਇੱਥੇ ਇਹ ਦੱਸਣਾ ਜਰੂਰੀ ਸਮਝਿਆ ਜਾਂਦਾ ਹੈ ਕਿ ਜੋ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਹੈ ਉਹ ਨਰਮੇ ਦੀ ਗੁਲਾਬੀ ਸੁੰਡੀ ਨਾਲੋਂ ਵੱਖਰਾ ਕੀਟ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਤਣੇ ਦੀ ਗੁਲਾਬੀ ਸੁੰਡੀ ਕਣਕ ਦੇ ਛੋਟੇ ਬੂਟਿਆਂ ਦੇ ਤਣਿਆਂ ‘ਚ ਮੋਰੀਆਂ ਕਰਕੇ ਅੰਦਰ ਚਲੀ ਜਾਂਦੀ ਹੈ ਜਿਸ ਕਰਕੇ ਬੂਟੇ ਪੀਲੇ ਪੈਣ ਮਗਰੋਂ ਸੁੱਕ ਜਾਂਦੇ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਸ ਹਮਲੇ ਕਾਰਨ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹਮਲਾ ਪਾਏ ਜਾਣ ਦੇ ਸੂਰਤ ਵਿੱਚ ਤੁਰੰਤ ਖੇਤੀਬਾੜੀ ਵਿਭਾਗ ਮਾਨਸਾ ਨਾਲ ਰਾਬਤਾ ਕਾਇਮ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਨਜ਼ੂਰ ਸ਼ੁਦਾ ਕੀਟ-ਨਾਸ਼ਕਾਂ ਦੀ ਸਪਰੇਅ ਕਰਕੇ ਇਸ ਹਮਲੇ ‘ਤੇ ਕਾਬੂ ਪਾਇਆ ਜਾ ਸਕਦਾ।
