
ਚੰਡੀਗੜ੍ਹ, 18,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਅੱਜ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਰਾਘਵ ਜੋ ਦੋਵੇਂ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਦੇ ਵਸਨੀਕ ਹਨ, ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 44 ਜਿੰਦਾ ਕਾਰਤੂਸਾਂ ਸਮੇਤ ਵਿਦੇਸ਼ੀ ਐਮਪੀ-5 ਗੰਨ ਵੀ ਬਰਾਮਦ ਕੀਤੀ ਹੈ।
ਹੋਰ ਵੇਰਵੇ ਦਿੰਦਿਆਂ, ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੂੰ ਮੋਗਾ ਪੁਲਿਸ ਨੇ ਜਨਵਰੀ 2022 ਵਿੱਚ ਹੱਥ ਗੋਲਿਆਂ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਨੇ ਦੱਸਿਆ ਕਿ ਗੋਪੀ ਦੀ ਗ੍ਰਿਫਤਾਰੀ ਤੋਂ ਬਾਅਦ, ਅਰਸ਼ ਡੱਲਾ ਨੇ ਐਨਕ੍ਰਿਪਟਡ ਐਪਸ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਬਣਾਇਆ ਅਤੇ ਉਸਨੂੰ ਆਪਣੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਅੱਗੇ ਦੱਸਿਆ ਕਿ ਅਰਸ਼ ਡੱਲਾ ਨੇ ਘੱਟੋ ਘੱਟ ਦੋ ਮੌਕਿਆਂ ‘ਤੇ ਹਰਸ਼ ਕੁਮਾਰ ਨੂੰ ਫੰਡ ਵੀ ਭੇਜੇ ਸਨ। ਉਨ੍ਹਾਂ ਦੱਸਿਆ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ।
ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ ਨੇ ਦੱਸਿਆ ਕਿ ਕਿਸ ਢੰਗ ਨਾਲ ਮੁਲਜ਼ਮਾਂ ਨੇ ਹਥਿਆਰ ਪ੍ਰਾਪਤ ਕੀਤੇ ਹਨ ਅਤੇ ਇਹ ਹਥਿਆਰ ਉਹਨਾਂ ਤੱਕ ਪਹੁੰਚਾਉਣ ਦੇ ਮਕਸਦ ਬਾਰੇ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ, ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ। ਇਸ ਮਾਮਲੇ ਵਿੱਚ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਡੱਬੀ: ਅਰਸ਼ ਡੱਲਾ ਕੌਣ ਹੈ?
ਸਰਗਰਮ ਗੈਂਗਸਟਰ ਤੋਂ ਅੱਤਵਾਦੀ ਬਣਿਆ ਅਰਸ਼ ਡੱਲਾ ਮੋਗਾ ਦਾ ਵਸਨੀਕ ਹੈ ਅਤੇ ਹੁਣ ਕਨੇਡਾ ਵਿੱਚ ਰਹਿੰਦਾ ਹੈ। ਉਹ ਪਿਛਲੇ ਸਮੇਂ ਤੋਂ ਕਈ ਗੈਂਗਸਟਰ ਅਤੇ ਅੱਤਵਾਦ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਪੰਜਾਬ ਪੁਲਿਸ ਨੇ ਪਹਿਲਾਂ ਹੀ ਅਰਸ਼ ਡੱਲਾ ਦੇ ਕਈ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਉਸਦੇ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ ਆਈ.ਈ.ਡੀਜ਼, ਹੱਥ ਗੋਲੇ ਅਤੇ ਹੋਰ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਨ ਲਈ ਢੁੱਕਵੇਂ ਪੱਧਰ ‘ਤੇ ਠੋਸ ਯਤਨ ਕੀਤੇ ਜਾ ਰਹੇ ਹਨ।————
