ਮਾਨਸਾ 25 ਅਪ੍ਰੈਲ(ਸਾਰਾ ਯਹਾਂ/ ਮੁੱਖ ਸੰਪਾਦਕ ): : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਪੰਜਾਬ ਚੰਡੀਗੜ ਵੱਲੋਂ ਭੇਜੀ ਗਈ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨਾਂ ਦੱਸਿਆ ਕਿ ਇਹ ਵੈਨ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸ਼ੂਗਰ, ਬੀ.ਪੀ. ਅਤੇ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰੇਗੀ। ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਤਣਾਅ, ਖਾਣ-ਪੀਣ ਦੇ ਬਦਲਾਅ ਅਤੇ ਜੰਕ ਫੂਡ ਦੀ ਜ਼ਿਆਦਾ ਵਰਤੋਂ ਹੋਣ ਕਾਰਣ ਇਨਾਂ ਬਿਮਾਰੀਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਸਾਈਕਲ ਦੀ ਵਰਤੋਂ, ਕਸਰਤ, ਸੈਰ ਅਤੇ ਯੋਗਾ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਜੰਕ ਫੂਡ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਤਾਜਾ ਖਾਣਾ ਹੀ ਸਮੇਂ ਸਿਰ ਖਾਣਾ ਚਾਹੀਦਾ ਹੈ । ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੀ.ਪੀ., ਸ਼ੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਸਮੇਂ ਸਿਰ ਚੈੱਕ ਕਰਾ ਕੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਖਾਣੀ ਚਾਹੀਦੀ ਹੈ, ਤਾਂ ਕਿ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਾਨੂੰ 30 ਸਾਲ ਦੀ ਉਮਰ ਤੋਂ ਬਾਅਦ ਬੀ.ਪੀ.ਅਤੇ ਸ਼ੂਗਰ ਦੀ ਬਿਮਾਰੀ ਦਾ ਨਿਰੰਤਰ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਲੋੜ ਪੈਣ ’ਤੇ ਲਗਾਤਾਰ ਦਵਾਈ ਖਾਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਬੀ.ਪੀ. ਅਤੇ ਸ਼ੂਗਰ ਦੀ ਦਵਾਈ ਸਰਕਾਰੀ ਹਸਪਤਾਲ ਅਤੇ ਉਪ ਸਿਹਤ ਕੇਂਦਰਾਂ ਵਿਚੋਂ ਬਿਲਕੁਲ ਮੁਫ਼ਤ ਮਿਲਦੀ ਹੈ। ਇਸ ਮੌਕੇ ਡਾ. ਕਮਲਪ੍ਰੀਤ ਬਰਾੜ, ਜ਼ਿਲਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਗੁਰਵਿੰਦਰ ਕੌਰ, ਜਸਪਾਲ ਕੌਰ ਸਟਾਫ ਨਰਸ, ਫਾਰਮੇਸੀ ਅਫ਼ਸਰ ਗੋਰਾ ਲਾਲ ਤੇ ਰਾਕੇਸ਼ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।