ਚੰਡੀਗੜ੍ਹ, 31 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ ):
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ।
ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।