*ਘਰੇਲੂ ਇਕਾਂਤਵਾਸ ’ਚ ਚੱਲ ਰਹੇ ਡਿਪਟੀ ਕਮਿਸ਼ਨਰ ਨੇ ਕੀਤੀ ਨਾਗਰਿਕਾਂ ਨੂੰ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ*

0
24

ਮਾਨਸਾ, 24 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਵਿਖੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਵਧ ਰਹੀ ਗਿਣਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਡਿਪਟੀ ਕਮਿਸ਼ਨਰ, ਜੋ ਕਿ ਬੀਤੇ ਐਤਵਾਰ ਤੋਂ ਕੋਰੋਨਾ ਪਾਜ਼ੀਟਿਵ ਆਏ ਜਾਣ ਕਾਰਨ ਘਰੇਲੂ ਇਕਾਂਤਵਾਸ ਵਿੱਚ ਚੱਲ ਰਹੇ ਹਨ, ਵੱਲੋਂ ਕੋਰੋਨਾ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਜਾਰੀ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਲਈ ਨਾਗਰਿਕਾਂ ਨੂੰ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਇਸ ਸਬੰਧੀ ਬਾਕਾਇਦਾ ਆਪਣੇ ਇੱਕ ਵੀਡੀਓ ਸੁਨੇਹੇ ਵਿੱਚ ਕੋਵਿਡ ਬਾਰੇ ਨਿੱਜੀ ਤਜਰਬਾ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਐਤਵਾਰ ਜਦੋਂ ਉਨ੍ਹਾਂ ਨੂੰ ਬੁਖਾਰ, ਸਿਰ ਦਰਦ ਅਤੇ ਗਲਾ ਖਰਾਬ ਹੋਣ ਸਬੰਧੀ ਲੱਛਣ ਨਜ਼ਰ ਆਏ ਸਨ ਤਾਂ ਉਨ੍ਹਾਂ ਨੇ ਤਰਜੀਹ ਦੇ ਆਧਾਰ ’ਤੇ ਆਪਣਾ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੀਟਿਵ ਆਏ ਜਾਣ ਤੋਂ ਤੁਰੰਤ ਬਾਅਦ ਉਹ ਡਾਕਟਰੀ ਨਿਗਰਾਨੀ ਹੇਠ ਘਰੇਲੂ ਇਕਾਂਤਵਾਸ ਵਿੱਚ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਉਹ ਪਿਛਲੇ ਸੱਤ ਦਿਨਾਂ ਤੋਂ ਘਰੇਲੂ ਇਕਾਂਤਵਾਸ ਵਿੱਚ ਹਨ ਅਤੇ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਘਰੇਲੂ ਇਕਾਂਤਵਾਸ ਦੇ ਨਿਯਮਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿਖੇ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਲਈ ਸਾਰੇ ਨਿਵਾਸੀਆਂ ਨੂੰ ਸਿਹਤ ਸਲਾਹਾਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕਰਨੀ ਚਾਹੀਦੀ ਹੈ ਜਿਸ ਵਿੱਚ ਮਾਸਕ ਪਾ ਕੇ ਰੱਖਣਾ, ਵਾਰ ਵਾਰ ਹੱਥ ਧੋਣਾ ਅਤੇ ਸਮਾਜਿਕ ਦੂਰੀ ਰੱਖਣ ਦੇ ਨਿਯਮ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਮੁਢਲੇ ਤੌਰ ’ਤੇ ਖੁਦ ਵਿੱਚ ਅਜਿਹਾ ਕੋਈ ਵੀ ਲੱਛਣ ਮਹਿਸੂਸ ਹੋਵੇ ਤਾਂ ਉਹ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਏ ਤਾਂ ਜੋ ਖੁਦ ਨੂੰ ਅਤੇ ਆਪਣੇ ਆਲੇ ਦੁਆਲੇ ਵਸਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।  

NO COMMENTS