09 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਗਵੰਤ ਮਾਨ ਤੇ ਪਲਟਵਾਰ ਕੀਤਾ ਹੈ। ਭਗਵੰਤ ਮਾਨ ਨੇ ਬੀਤੇ ਦਿਨੀਂ ਤਨਜ਼ ਕੱਸਿਆ ਸੀ ਕਿ 170 ਕੋਰੜ ਰੁਪਏ ਦੀ ਜਾਇਦਾਦ ਵਾਲਾ ਸ਼ਖਸ ਰਾਹੁਲ ਗਾਂਧੀ ਲਈ ਹੀ ਗਰੀਬ ਹੋ ਸਕਦਾ। ਇਸ ਬਿਆਨ ਨੂੰ ਲੈ ਕੇ ਚੰਨੀ ਨੇ ਹੁਣ ਮਾਨ ‘ਤੇ ਹਮਲਾ ਬੋਲ ਦਿੱਤਾ ਹੈ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਲਾਇਕ ਹੀ ਨਹੀਂ ਹੈ।
ਚਰਨਜੀਤ ਚੰਨੀ ਨੇ ਕਿਹਾ ਕਿ, “ਭਗਵੰਤ ਮਾਨ ਇਕ ਅਨਪੜ੍ਹ ਵਿਅਕਤੀ ਵਾਂਗ ਗੱਲ ਕਰ ਰਿਹਾ ਹੈ। ਉਸ ਨੂੰ ਮੇਰੇ ਵੱਲੋਂ ਚੋਣ ਕਮਿਸ਼ਨ ਨੂੰ ਦਿੱਤਾ ਐਫੀਡੇਵਿਟ ਦੇਖਣਾ ਚਾਹੀਦਾ ਹੈ। ਭਗਵੰਤ ਮਾਨ ਮੇਰੇ 1 ਕਰੋੜ 69 ਲੱਖ ਨੂੰ 169 ਕਰੋੜ ਰੁਪਏ ਦੱਸ ਰਿਹਾ ਹੈ। ਐਸਾ ਵਿਅਕਤੀ ਮੁੱਖ ਮੰਤਰੀ ਬਣਨ ਦੇ ਲਾਇਕ ਹੀ ਨਹੀਂ।”
ਉਧਰ, ਚਰਨਜੀਤ ਚੰਨੀ ਚੋਣ ਪ੍ਰਚਾਰ ਲਈ ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਪੁੱਜੇ। ਇਸ ਦੌਰਾਨ ਚੰਨੀ ਦਾ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਚੰਨੀ ਦਾ ਪਿੰਡ ਦੇ ਕਿਸਾਨਾਂ ਵੱਲੋਂ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਨਾ ਦੇਣ ਤੇ ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧ ਕੀਤਾ ਗਿਆ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਚੰਨੀ ਤੋਂ ਸਵਾਲ ਕਰਨਾ ਚਾਹੁੰਦੇ ਸਨ ਪਰ ਚੰਨੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਚੰਨੀ ਤੋਂ ਆਪਣੇ ਸਵਾਲਾਂ ਦੇ ਜਵਾਬ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕਈ ਕਿਸਾਨਾਂ ਦੀਆਂ ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀ ਹੈ ਪਰ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਚੰਨੀ ਤੋਂ ਪੰਜਾਬ ਦੇ ਹੋਰ ਮੁੱਦਿਆਂ ਜਿਵੇਂ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ‘ਤੇ ਸਵਾਲ ਕਰਨਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਹੀਂ ਦਿੰਦੇ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਬਦਰਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੇ ਭਰਾ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦੇ ਮੁੱਦੇ ‘ਤੇ ਕਿਹਾ ਕਿ ਸਿਆਸਤ ‘ਚ ਅਜਿਹਾ ਹੁੰਦਾ ਰਹਿੰਦਾ ਹੈ। ਕਈ ਲੋਕ ਆਉਂਦੇ ਹਨ ਅਤੇ ਕਈ ਲੋਕ ਚੋਣਾਂ ਕਾਰਨ ਜਾਂਦੇ ਹਨ, ਇਹ ਚਲਦਾ ਰਹਿੰਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਾਈਕਮਾਂਡ ਨੂੰ ਗੁੰਮਰਾਹ ਕਰਨ ਲਈ ਨਵਜੋਤ ਕੌਰ ਸਿੱਧੂ ਦੇ ਮੁੱਖ ਮੰਤਰੀ ਦੇ ਚਿਹਰੇ ‘ਤੇ ਦਿੱਤੇ ਬਿਆਨ ‘ਤੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।