
ਮਾਨਸਾ 28 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) — ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਦੇ ਰਾਹ ਰੋਕਣ ਅਤੇ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਸਿੱਟਣ ਅਤੇ ਪਾਣੀ ਦੀਆਂ ਬੁਛਾੜਾਂ ਕਰਨ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲਬਾਤ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਪਹਿਲਾਂ ਪੰਜਾਬ ਵਿੱਚ ਧਰਨੇ ਤੇ ਬੈਠਾ ਰਿਹਾ ਅਤੇ ਅੱਜ ਸੜਕਾਂ ਤੇ ਠੰਡੀਆਂ ਰਾਤਾਂ ਕੱਟਣ ਲਈ ਮਜਬੂਰ ਹੈ, ਪਰ ਮਨ ਕੀ ਬਾਤ ਕਰਨ ਵਾਲੇ ਪ੍ਰਧਾਨ ਮੰਤਰੀ ਕੋਲ ਕਿਸਾਨਾਂ ਦੀ ਗੱਲ ਸੁਣਨ ਲਈ ਸਮਾਂ ਨਹੀਂ ਹੈ। ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਦਾ ਅੰਨਦਾਤਾ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਂਣਿਆ ਦੇ ਕਹਿਣ ਤੇ ਖੇਤੀ ਵਿਰੋਧੀ ਕਾਨੂੰਨ ਲਿਆ ਕੇ ਕਿਸਾਨ ਨੂੰ ਬਰਬਾਦੀ ਦੇ ਰਾਹ ਤੋਰ ਰਹੀ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਇੱਕ ਕਿਸਾਨ ਦੀ ਧਰਨੇ ਦੌਰਾਨ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਰਾਹ ਨਹੀਂ ਰੋਕਣੇ ਚਾਹੀਦੇ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਖੱਟਰ ਸਰਕਾਰ ਕਿਸਾਨਾਂ ਨਾਲ ਮੋਦੀ ਸਰਕਾਰ ਦੇ ਇਸ਼ਾਰੇ ਤੇ ਧੱਕੇਸ਼ਾਹੀ ਕਰਨ ਵਿੱਚ ਲੱਗੀ ਹੋਈ ਹੈ, ਪਰ ਕਿਸਾਨਾਂ ਨੇ ਪੁਲਿਸ ਰੋਕਾਂ ਤੋੜ ਕੇ ਇਸ ਸਾਬਿਤ ਕਰ ਦਿੱਤਾ ਹੈ ਕਿ ਪੰਜਾਬੀ ਕਿਸਾਨਾਂ ਨੂੰ ਸਰਕਾਰਾਂ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਸਕਦੀਆਂ ਅਤੇ ਇਹ ਕਿਸਾਨ ਕੇਂਦਰ ਸਰਕਾਰ ਦਾ ਤਖਤਾ ਪਲਟ ਕੇ ਰੱਖ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਨੂੰ ਕਾਨੂੰਨਾਂ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਚੇਅਰਮੈਨ ਪ੍ਰੇਮ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਤਨਦੇਹੀ ਨਾਲ ਕਿਸਾਨੀ ਮੰਗਾਂ ਦੀ ਹਮਾਇਤ ਕਰਦੀ ਹੈ ਅਤੇ ਬਿਨਾਂ ਕਿਸੇ ਲਾਲਚ ਦੇ ਕਿਸਾਨਾਂ ਨਾਲ ਹਮੇਸ਼ਾ ਖੜੀ ਰਹੇਗੀ। ਇਸ ਮੌਕੇ ਅੱਗਰਵਾਲ ਸਭਾ ਦੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਗਰਗ, ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਬਾਂਸਲ, ਜਗਤ ਰਾਮ, ਕਿੰਦੀ ਜੋਗਾ, ਪ੍ਰਧਾਨ ਮਨਦੀਪ ਸਿੰਘ ਗੋਰਾ ਤੋਂ ਇਲਾਵਾ ਆਦਿ ਹਾਜ਼ਰ ਸਨ।
