*ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲੇ, ਕਈ ਵਰਗਾਂ ਨੂੰ ਦਿੱਤੇ ਮੋਟੇ ਗੱਫੇ*

0
93

ਚੰਡੀਗੜ੍ਹ 15,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਸਰਕਾਰ ਚੋਣਾਂ ਨੇੜੇ ਹੋਣ ਕਰਕੇ ਨਿੱਤ ਨਵੇਂ-ਨਵੇਂ ਫੈਸਲੇ ਲੈ ਰਹੀ ਹੈ। ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸਰਕਾਰ ਨੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਘਰ ਬਣਾ ਕੇ ਦੇਣ, ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਅੱਪਗਰੇਡ ਕਰਨ, ਮਿਨੀ ਬੱਸ ਅਪਰੇਟਰਾਂ ਨੂੰ ਰਿਆਇਤਾਂ ਤੇ ਥ੍ਰੀਵੀਲਰ/ਟੈਕਸੀਆਂ ਦੇ ਜੁਰਮਾਨੇ ਮੁਆਫ਼ ਕਰਨ ਵਰਗੇ ਫ਼ੈਸਲੇ ਲਏ ਹਨ। ਮੀਟਿੰਗ ਵਿੱਚ ਸਰਕਾਰ ਨੇ ਇਹ ਵੱਡੇ ਫੈਸਲੇ ਲਏ ਹਨ।

  1. ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਿਟੀਆਂ ਦੁਆਰਾ ਬਣਾਏ ਜਾਣ ਵਾਲੇ 25,000 (ਈਡਬਲਿਊਐਸ) ਘਰਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਮੰਗਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਿਹਾਇਸ਼ੀ ਇਕਾਈਆਂ ਦਾ ਖੇਤਰ ਲਗਪਗ 30 ਵਰਗ ਮੀਟਰ ਹੋਵੇਗਾ ਤੇ ਇਨ੍ਹਾਂ ਮਕਾਨਾਂ ਦੇ ਮਾਲਕੀ ਹੱਕ ਵੀ ਦਿੱਤੇ ਜਾਣਗੇ।
  2. ਸ਼ਹਿਰੀ ਵਿਕਾਸ ਅਥਾਰਿਟੀਆਂ ਵਿੱਚ ਡਿਵੈਲਪਰਾਂ ਦੇ ਖੜ੍ਹੇ ਬਕਾਏ ’ਤੇ 10 ਫ਼ੀਸਦੀ ਸਾਧਾਰਨ ਵਿਆਜ ਜਮ੍ਹਾਂ 3 ਫ਼ੀਸਦੀ ਦੰਡ ਵਿਆਜ ਦੀ ਕਟੌਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਤੇ ਚੱਲ ਰਹੇ ਪ੍ਰੋਜੈਕਟਾਂ ਲਈ ਵਿਆਜ਼ ਦੀਆਂ ਸਾਧਾਰਨ ਤੇ ਜੁਰਮਾਨਾ ਦਰਾਂ ਨੂੰ ਘਟਾ ਕੇ 7.5 ਫ਼ੀਸਦੀ ਸਾਲਾਨਾ ਤੇ 10 ਫ਼ੀਸਦੀ ਸਾਲਾਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
  3. ਕੈਬਨਿਟ ਨੇ ਵਾਹਨ ਚਾਲਕਾਂ ਨੂੰ ਰਾਹਤ ਦੇਣ ਲਈ ਠੇਕੇ ’ਤੇ ਚੱਲਣ ਵਾਲੇ ਵਾਹਨਾਂ (16 ਸੀਟਾਂ ਤੱਕ), ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਤੇ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ) ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ, ਪ੍ਰਾਈਵੇਟ/ਐਸਟੀਯੂ) ਲਈ ਮੌਜੂਦਾ ਦਰਾਂ 30,000 ਰੁਪਏ ਤੋਂ ਘੱਟ ਕੇ 20,000 ਰੁਪਏ ਪ੍ਰਤੀ ਬੱਸ ਪ੍ਰਤੀ ਸਾਲ ਹੋ ਜਾਣਗੀਆਂ ਤੇ ਮੋਟਰ ਵਹੀਕਲ ਟੈਕਸ ਦੀ ਦਰ ਵਿੱਚ 5 ਫ਼ੀਸਦੀ ਸਾਲਾਨਾ ਵਾਧਾ ਖ਼ਤਮ ਹੋ ਜਾਵੇਗਾ। ਇਸੇ ਤਰ੍ਹਾਂ 20 ਮਈ, 2020 ਤੋਂ 31 ਦਸੰਬਰ, 2020 ਤੱਕ 16 ਸੀਟਾਂ ਵਾਲੇ ਠੇਕੇ ’ਤੇ ਚੱਲਣ ਵਾਲੇ ਵਾਹਨਾਂ ਨੂੰ ਤੇ 23 ਮਾਰਚ, 2020 ਤੋਂ 31 ਦਸੰਬਰ, 2020 ਤੱਕ ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ ਹੈ।
  4. ਕੈਬਨਿਟ ਨੇ ਜ਼ਮੀਨ ਤੇ ਵਿਕਾਸ ਖ਼ਰਚੇ ਉੱਕਾ-ਪੁੱਕਾ ਰੂਪ ਵਿੱਚ ਵਸੂਲ ਕਰਕੇ ਬਠਿੰਡਾ ਵਿਕਾਸ ਅਥਾਰਿਟੀ ਦੀ 29 ਏਕੜ ਐਕੁਆਇਰ ਕੀਤੀ ਜ਼ਮੀਨ ’ਤੇ ‘ਜਿਵੇਂ ਹੈ ਜਿੱਥੇ ਹੈ ਆਧਾਰ ਉਤੇ’ ਬਠਿੰਡਾ ਦੇ ਪ੍ਰੀਤ ਨਗਰ, ਗੁਰੂ ਅਰਜਨ ਦੇਵ ਨਗਰ ਤੇ ਅਜੀਤ ਰੋਡ ਆਦਿ ਵਿਖੇ ਸਥਿਤ ਅਰਬਨ ਅਸਟੇਟ ਵਿਚ ਕਾਫ਼ੀ ਸਮੇਂ ਤੋਂ ਨਿਰਮਾਣ ਕੀਤੇ ਘਰਾਂ/ਪਲਾਟਾਂ ਵਿੱਚ ਰਹਿੰਦੇ ਆ ਰਹੇ 450 ਪਰਿਵਾਰਾਂ/ਕਾਬਜ਼ਕਾਰਾਂ ਨੂੰ ਰਿਹਾਇਸ਼ੀ ਪਲਾਟ ਅਲਾਟ ਕਰਨ ਦਾ ਫ਼ੈਸਲਾ ਕੀਤਾ ਹੈ।
  5. ਮੰਤਰੀ ਮੰਡਲ ਨੇ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਿਵਿਜ਼ਨਲ ਹਸਪਤਾਲ ਆਦਿ) ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਸਟਾਫ਼ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸ਼ੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
  6. ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ।
  7. ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੀਂ ਬਣੀ ਕੇਂਦਰੀ ਜੇਲ੍ਹ ਲਈ 513 ਨਵੀਆਂ ਅਸਾਮੀਆਂ ਸਿਰਜਣ ਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
  8. ਪੰਜਾਬ ਕੈਬਨਿਟ ਨੇ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
  9. ਕੈਬਨਿਟ ਨੇ 60 ਹਜ਼ਾਰ ਥ੍ਰੀਵੀਲਰਾਂ ਤੇ ਟੈਕਸੀਆਂ ਦੇ ਪੁਰਾਣੇ ਬਕਾਏ ਤੇ ਜੁਰਮਾਨੇ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਲੋਕ ਅਦਾਲਤ ਲਗਾ ਕੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
  10. ਬੋਰਡਾਂ ਅਤੇ ਕਾਰਪੋਰੇਸ਼ਨ ਵਿੱਚ ਨਵੀਂ ਭਰਤੀ ਲਈ ਪੰਜਾਬੀ ਪਾਸ ਕਰਨੀ ਲਾਜ਼ਮੀ ਕੀਤੀ ਗਈ ਹੈ।
  11. ਸਫ਼ਾਈ ਕਾਮਿਆਂ ਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
  12. ਮੁਸਲਿਮ ਤੇ ਈਸਾਈਆਂ ਲਈ ਕਬਰਿਸਤਾਨ ਪੰਜਾਬ ਸਰਕਾਰ ਬਣਾ ਕੇ ਦੇਵੇਗੀ।

NO COMMENTS